ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਡੀਸੀ

ਚੱਲ ਰਹੇ ਖਰੀਫ਼ ਸੀਜ਼ਨ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਜਾਰੀ ਹੈ। ਇਸੇ ਦੌਰਾਨ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਦੌਰਾਨ ਕਿਸੇ ਕਿਸਮ ਦੀ ਦਿੱਕਤ ਜਾਂ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ 17 ਫ਼ੀਸਦੀ ਤੱਕ ਨਮੀ ਵਾਲੇ ਝੋਨੇ ਦੀ ਹੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ਼ ਕਰਨ ਅਤੇ ਸੁੱਕੀ ਫਸਲ ਹੀ ਮੰਡੀ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀਆਂ ਵਿੱਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਸਹੂਲਤ ਮਿਲੇਗੀ। ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਦਿਆਂ ਰੋਜ਼ਾਨਾ ਨਜ਼ਰਸਾਨੀ ਕੀਤੀ ਜਾ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 12 ਅਕਤੂਬਰ 2026 ਤੱਕ 7,085 ਮ੍ਰੀਟਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 5,350 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
