ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਫ਼ਿਰੋਜ਼ਪੁਰ ‘ਚ ਪਾਬੰਦੀ ਦੇ ਵਿਸ਼ੇਸ਼ ਹੁਕਮ ਕੀਤੇ ਜਾਰੀ

ਫ਼ਿਰੋਜ਼ਪੁਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਡਾ: ਅਮਨਦੀਪ ਕੌਰ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਪਾਬੰਦੀ ਦੇ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਅੰਤਰਰਾਸ਼ਟਰੀ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੇ 25 ਕਿਲੋਮੀਟਰ ਦੇ ਖੇਤਰ ਵਿੱਚ ਡਰੋਨ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਕੋਈ ਵੀ ਵਿਅਕਤੀ ਖੁੱਲ੍ਹੇ ਵਿੱਚ ਕੂੜਾ ਨਹੀਂ ਸਾੜੇਗਾ ਅਤੇ ਜ਼ਿਲ੍ਹੇ ਭਰ ਵਿੱਚ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਥਾਵਾਂ ‘ਤੇ ਖੁੱਲ੍ਹੇ ਵਿੱਚ ਛੱਡਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਸਰਹੱਦ ਨਾਲ ਲੱਗਦੇ ਸਤਲੁਜ ਦਰਿਆ ਦੇ ਖੇਤਰ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਨਿੱਜੀ ਕਿਸ਼ਤੀਆਂ ਦੇ ਚੱਲਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜਾਰੀ ਹੁਕਮਾਂ ਅਨੁਸਾਰ ਸੁਰੱਖਿਆ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਜੇਲ੍ਹ ਦੇ 500 ਮੀਟਰ ਦੇ ਘੇਰੇ ਵਿੱਚ ਡਰੋਨ ਦੀ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਵਿਸ਼ੇਸ਼ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਿਹੜੇ ਦੁਕਾਨਦਾਰ ਪੁਰਾਣੇ ਸਾਮਾਨ ਦੀ ਖਰੀਦੋ-ਫਰੋਖਤ ਕਰਦੇ ਹਨ, ਉਹ ਤੁਰੰਤ ਆਪਣੀਆਂ ਦੁਕਾਨਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ। ਜਾਰੀ ਹੁਕਮਾਂ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਦੇ ਬੀ ਸਾਈਡ ਨਾਲ ਲੱਗਦੇ ਸਰਹੱਦੀ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ ਸਿਸਟਮ (ਮਿਊਜ਼ਿਕ ਸਿਸਟਮ) ਅਤੇ ਲੇਜ਼ਰ ਲਾਈਟਾਂ ਵਜਾਉਣ ‘ਤੇ ਪਾਬੰਦੀ ਹੈ।
