18 ਸਿੱਖ ਰੈਜੀਮੈਂਟ ਦੇ ਜਵਾਨ ਪ੍ਰਤਾਪ ਸਿੰਘ ਡਿਊਟੀ ਦੌਰਾਨ ਸ਼ਹੀਦ, ਨਮ ਅੱਖਾਂ ਨਾਲ ਵਿਦਾਈ

ਅਜਨਾਲਾ ਦੇ ਪਿੰਡ ਰੂੜੇਵਾਲ ਦੇ ਜਵਾਨ ਪ੍ਰਤਾਪ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਏ। ਅੰਤਿਮ ਸਸਕਾਰ ਮੌਕੇ ਇਲਾਕੇ ਵਿੱਚ ਸੋਗ, ਪਰਿਵਾਰ ਨੇ ਬੱਚਿਆਂ ਦੀ ਪੜ੍ਹਾਈ ਅਤੇ ਆਰਥਿਕ ਸਹਾਇਤਾ ਦੀ ਮੰਗ ਕੀਤੀ।
ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਰੂੜੇਵਾਲ ਦੇ ਵਸਨੀਕ ਅਤੇ ਭਾਰਤੀ ਫੌਜ ਦੀ 18 ਸਿੱਖ ਰੈਜੀਮੈਂਟ ਦੇ ਬਹਾਦਰ ਜਵਾਨ ਪ੍ਰਤਾਪ ਸਿੰਘ (32-33 ਸਾਲ) ਦੇਸ਼ ਦੀ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹੀਦ ਹੋ ਗਏ। ਜਦੋਂ ਉਨ੍ਹਾਂ ਦੀ ਮ੍ਰਿਤਕ ਦੇਹ ਤਿਰੰਗੇ ਵਿੱਚ ਲਪੇਟ ਕੇ ਪਿੰਡ ਪਹੁੰਚੀ ਤਾਂ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਸਿਆਸੀ, ਸਮਾਜਿਕ ਅਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ।
ਸ਼ਹੀਦ ਪ੍ਰਤਾਪ ਸਿੰਘ ਦੇ ਪਿਤਾ ਜਿੱਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਦੇਸ਼ ਦੀ ਸੇਵਾ ਨੂੰ ਸਮਰਪਿਤ ਸੀ। ਪਰਿਵਾਰ ਵਿੱਚ ਚਾਰ ਪੁੱਤਰ ਹਨ ਅਤੇ ਪ੍ਰਤਾਪ ਸਿੰਘ ਆਪਣੀ ਖੇਡ ਪ੍ਰਤਿਭਾ ਤੇ ਮਿਹਨਤ ਦੇ ਦਮ 'ਤੇ ਭਾਰਤੀ ਫੌਜ ਵਿੱਚ ਭਰਤੀ ਹੋਏ ਸਨ।
ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸ਼ਹੀਦ ਦੇ ਬੱਚਿਆਂ ਦੇ ਪਾਲਣ-ਪੋਸ਼ਣ, ਪੜ੍ਹਾਈ ਅਤੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਬਣਦੀ ਆਰਥਿਕ ਸਹਾਇਤਾ ਦਿੱਤੀ ਜਾਵੇ। ਇਸ ਦੇ ਨਾਲ ਹੀ ਪਰਿਵਾਰ ਨੂੰ ਬਣਦਾ ਮਾਣ-ਸਨਮਾਨ ਵੀ ਜਲਦੀ ਮੁਹੱਈਆ ਕਰਵਾਇਆ ਜਾਵੇ।
ਸ਼ਹੀਦ ਪ੍ਰਤਾਪ ਸਿੰਘ ਦੀ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਸੀ। ਉਨ੍ਹਾਂ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਆਖ਼ਰੀ ਵਾਰ ਫੋਨ 'ਤੇ ਗੱਲ ਕਰਦਿਆਂ ਉਨ੍ਹਾਂ ਦੇ ਪਤੀ ਨੇ ਕਿਹਾ ਸੀ, “ਮੈਂ ਡਿਊਟੀ ਪੂਰੀ ਕਰਕੇ ਵਾਪਸ ਆਵਾਂਗਾ, ਫਿਰ ਆਰਾਮ ਨਾਲ ਗੱਲ ਕਰਾਂਗਾ।” ਪਰਿਵਾਰ ਲਈ ਇਹ ਵਾਅਦਾ ਅਧੂਰਾ ਰਹਿ ਗਿਆ ਅਤੇ ਉਹ ਫੋਨ ਮੁੜ ਕਦੇ ਨਹੀਂ ਆਇਆ। ਸ਼ਹੀਦ ਆਪਣੇ ਪਿੱਛੇ ਤਿੰਨ ਛੋਟੇ ਬੱਚੇ ਛੱਡ ਗਏ ਹਨ, ਜਿਨ੍ਹਾਂ ਵਿੱਚ ਧੀਆਂ ਅਤੇ ਇੱਕ ਪੁੱਤਰ ਸ਼ਾਮਲ ਹਨ। ਸ਼ਹੀਦ ਦੀ ਪਤਨੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੇ 18 ਸਾਲ ਦਾ ਹੋਣ 'ਤੇ ਸਰਕਾਰੀ ਨੌਕਰੀ ਦੇਣ ਸਬੰਧੀ ਭਰੋਸਾ ਦਿੱਤਾ ਜਾਵੇ। ਇਸ ਤੋਂ ਇਲਾਵਾ ਧੀਆਂ ਦੀ ਪੜ੍ਹਾਈ-ਲਿਖਾਈ ਅਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਪੂਰਾ ਪ੍ਰਬੰਧ ਕੀਤਾ ਜਾਵੇ।
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਹੀਦ ਪ੍ਰਤਾਪ ਸਿੰਘ ਦੇ ਦੇਹਾਂਤ ਨੂੰ ਪਰਿਵਾਰ ਅਤੇ ਇਲਾਕੇ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੇ ਹਨ। ਉਨ੍ਹਾਂ ਅਨੁਸਾਰ, ਫੌਜ ਵੱਲੋਂ ਅਧਿਕਾਰਤ ਦਸਤਾਵੇਜ਼ ਅਤੇ ਪ੍ਰਮਾਣ ਪੱਤਰ ਮਿਲਣ ਤੋਂ ਬਾਅਦ ਸੂਬਾ ਸਰਕਾਰ ਦੀਆਂ ਨਿਰਧਾਰਤ ਨੀਤੀਆਂ ਮੁਤਾਬਕ ਪਰਿਵਾਰ ਨੂੰ ਆਰਥਿਕ ਸਹਾਇਤਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਹੋਰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਕਾਂਗਰਸੀ ਆਗੂ ਸੁਖਜਿੰਦਰ ਸਿੰਘ ਔਜਲਾ ਸ਼ਹੀਦ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਜਵਾਨ ਸਰਹੱਦਾਂ 'ਤੇ ਆਪਣੀਆਂ ਜਾਨਾਂ ਖਤਰੇ ਵਿੱਚ ਪਾ ਕੇ ਡਿਊਟੀ ਨਿਭਾਉਂਦੇ ਹਨ, ਜਿਸ ਸਦਕਾ ਦੇਸ਼ ਵਾਸੀ ਆਪਣੇ ਘਰਾਂ ਵਿੱਚ ਸੁਰੱਖਿਅਤ ਮਹਿਸੂਸ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦ ਪ੍ਰਤਾਪ ਸਿੰਘ ਦਾ ਪਰਿਵਾਰ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਉਨ੍ਹਾਂ ਦੇ ਸੰਪਰਕ ਵਿੱਚ ਰਿਹਾ ਹੈ। ਇਸ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਹਨ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਛੋਟੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਪਰਿਵਾਰ ਦੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੋਧ ਸਿੰਘ ਸਮਰਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਅਤੇ ਕੌਮ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਦੇ ਦੇਹਾਂਤ ਨਾਲ ਪਰਿਵਾਰ ਅਤੇ ਇਲਾਕੇ ਨੂੰ ਵੱਡਾ ਘਾਟਾ ਪਿਆ ਹੈ, ਜਿਸ ਦੀ ਭਰਪਾਈ ਨਹੀਂ ਹੋ ਸਕਦੀ। ਉੱਧਰ, ਕਾਂਗਰਸੀ ਆਗੂ ਕੰਵਰ ਪ੍ਰਤਾਪ ਸਿੰਘ ਅਜਨਾਲਾ ਨੇ ਦੱਸਿਆ ਕਿ ਪ੍ਰਤਾਪ ਸਿੰਘ ਇੱਕ ਚੰਗੇ ਇਨਸਾਨ ਹੋਣ ਦੇ ਨਾਲ-ਨਾਲ ਵਾਲੀਬਾਲ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਵੀ ਸਨ। ਉਨ੍ਹਾਂ ਸੰਯੁਕਤ ਰਾਸ਼ਟਰ (ਯੂਐੱਨ) ਦੀ ਸ਼ਾਂਤੀ ਰੱਖਿਆ ਫੋਰਸ ਤਹਿਤ ਵਿਦੇਸ਼ਾਂ ਵਿੱਚ ਵੀ ਭਾਰਤ ਦਾ ਨਾਮ ਰੌਸ਼ਨ ਕੀਤਾ ਸੀ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਦੀ ਅਗਲੇ ਸਾਲ ਸੇਵਾਮੁਕਤੀ ਹੋਣੀ ਸੀ, ਪਰ ਉਨ੍ਹਾਂ ਦਾ ਅਚਾਨਕ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਬਣ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਦੇ ਬੱਚਿਆਂ ਦੀ ਪੜ੍ਹਾਈ ਅਤੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ।
ਪਿੰਡ ਰੂੜੇਵਾਲ ਦੇ ਬਹਾਦਰ ਜਵਾਨ ਪ੍ਰਤਾਪ ਸਿੰਘ ਦੀ ਸ਼ਹਾਦਤ ਨਾਲ ਪੂਰਾ ਇਲਾਕਾ ਸੋਗ ਵਿੱਚ ਡੁੱਬਿਆ ਹੋਇਆ ਹੈ। ਪਰਿਵਾਰ ਨੂੰ ਹੁਣ ਆਪਣੇ ਤਿੰਨ ਛੋਟੇ ਬੱਚਿਆਂ ਦੇ ਭਵਿੱਖ ਦੀ ਚਿੰਤਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਐਲਾਨਾਂ ਅਨੁਸਾਰ ਲੋੜੀਂਦੀ ਮਦਦ ਜਲਦੀ ਮਿਲੇਗੀ।
