ਅਕਾਲ ਤਖ਼ਤ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਨੇ ਆਦੇਸ਼ ਜਾਰੀ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਪਾਇਲ (ਲੁਧਿਆਣਾ) ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੈ। ਇਹ ਕਾਰਵਾਈ ਉਨ੍ਹਾਂ ਵੱਲੋਂ ਪਿਛਲੇ ਦਿਨੀਂ ਜਥੇਦਾਰ ਅਤੇ ਸਿੱਖ ਸੰਸਥਾਵਾਂ ਬਾਰੇ ਕੀਤੀਆਂ ਅਪਮਾਨਜਨਕ ਟਿੱਪਣੀਆਂ ਕਾਰਨ ਕੀਤੀ ਗਈ ਹੈ। ਇਸ ਮੌਕੇ ਸੰਗਤ ਨੂੰ ਵੀ ਹਦਾਇਤ ਕੀਤੀ ਗਈ ਕਿ ਉਹ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸਾਂਝ ਰੱਖਣ ਤੋਂ ਗੁਰੇਜ਼ ਕਰੇ।
ਜਾਣਕਾਰੀ ਅਨੁਸਾਰ ਅਕਾਲ ਤਖਤ ਦੀ ਫਸੀਲ ਤੋਂ ਗਿਆਸਪੁਰਾ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਸਿੱਖ ਸੰਗਤ ਨੂੰ ਵੀ ਆਦੇਸ਼ ਕੀਤਾ ਹੈ ਕਿ ਉਸ ਨਾਲ ਸਾਂਝ ਨਾ ਰੱਖਣ। ਇਹ ਫੈਸਲੇ ਅੱਜ ਪੰਜ ਸਿੰਘ ਸਾਹਿਬਾਨ ਦੀ ਅਕਾਲ ਤਖਤ ਵਿਖੇ ਬਾਅਦ ਦੁਪਹਿਰ ਹੋਈ ਇੱਕ ਇਕੱਤਰਤਾ ਵਿੱਚ ਕੀਤੇ ਗਏ ਹਨ।
ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਪਰਮਜੀਤ ਸਿੰਘ ਹਾਜ਼ਰ ਹਨ।
ਇਸ ਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ 12 ਅਕਤੂਬਰ ਨੂੰ ਵਾਪਰੀ ਘਟਨਾ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਵਿਖੇ ਸਪਸ਼ਟੀਕਰਨ ਸੌਂਪਿਆ ਸੀ ਜਿਸ ਵਿੱਚ ਉਨ੍ਹਾਂ ਨੇ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਲਾਏ ਗਏ ਦੋਸ਼ਾਂ ਤੋਂ ਕਿਨਾਰਾ ਕੀਤਾ ਸੀ।
ਇਸ ਦੌਰਾਨ ਸਿੱਖ ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਵਿਰੁੱਧ ਵੀ ਆਦੇਸ਼ ਜਾਰੀ ਕੀਤਾ ਗਿਆ। ਉਨ੍ਹਾਂ ’ਤੇ ਸਿੱਖੀ ਵਿਰੋਧੀ ਪ੍ਰਚਾਰ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਿਆਈ ਨੂੰ ਚੁਣੌਤੀ ਦੇਣ ਦੇ ਦੋਸ਼ ਹਨ। ਇਸ ਦੇ ਮੱਦੇਨਜ਼ਰ ਉਨ੍ਹਾਂ ਦੇ ਪ੍ਰਚਾਰ ਕਰਨ ਅਤੇ ਕੀਰਤਨ ਕਰਨ ’ਤੇ ਰੋਕ ਲਾ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਨਸ਼ਾ ਤਸਕਰਾਂ ਦਾ ਵਿਰੋਧ ਕਰਦਿਆਂ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਮਦਦ ਕਰਨ ਦਾ ਆਦੇਸ਼ ਵੀ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਦੀ ਲੋੜ ਹੈ। ਇਸ ਮੌਕੇ ਜਥੇਦਾਰ ਟੇਕ ਸਿੰਘ ਧਨੌਲਾ, ਸਿੰਘ ਸਾਹਿਬ ਗਿਆਨੀ ਪਰਵਿੰਦਰ ਪਾਲ ਸਿੰਘ ਅਤੇ ਹੋਰ ਸਿੰਘ ਸਾਹਿਬਾਨ ਵੀ ਮੌਜੂਦ ਸਨ।
