ਅਮਿਤ ਸ਼ਾਹ ਦੇ ਵਿਰੋਧ ਨੂੰ ਲੈ ਕੇ ਪਿਤਾ ਭੀਮ ਸਿੰਘ ਦਾ ਵੱਡਾ ਬਿਆਨ , ਦਿੱਤਾ ਸਪੱਸ਼ਟ ਸੁਨੇਹਾ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਇਸੇ ਵਿਚਕਾਰ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ
ਮੀਡੀਆ ਨਾਲ ਗੱਲਬਾਤ ਕਰਦਿਆਂ ਭੀਮ ਸਿੰਘ ਨੇ ਕਿਹਾ ਕਿ ਬੀਤੇ ਦਿਨ ਐਕਸ਼ਨ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵਿਰੋਧ ਕੀਤਾ ਜਾਂਦਾ ਹੈ ਤਾਂ ਇਸ ਨੂੰ ਉਨ੍ਹਾਂ ਦਾ ਆਪਣਾ ਵਿਰੋਧ ਸਮਝਿਆ ਜਾਵੇ।
ਭੀਮ ਸਿੰਘ ਨੇ ਕਿਹਾ ਕਿ ਉਹ ਭਾਰਤੀ ਫ਼ੌਜ ਵਿੱਚ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਰੱਖਿਆ ਮੰਤਰੀ ਦਾ ਪੂਰਾ ਸਤਿਕਾਰ ਕਰਦੇ ਹਨ, ਭਾਵੇਂ ਇਨ੍ਹਾਂ ਅਹੁਦਿਆਂ 'ਤੇ ਕੋਈ ਵੀ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਗ੍ਰਹਿ ਮੰਤਰੀ ਅਮਿਤ ਸ਼ਾਹ ਚਾਹੁਣ ਤਾਂ ਉਨ੍ਹਾਂ ਦੇ ਘਰ ਆ ਕੇ ਵੀ ਗੱਲਬਾਤ ਕਰ ਸਕਦੇ ਹਨ।
ਭੀਮ ਸਿੰਘ ਨੇ ਇੱਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ ਹੁਣ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਵੀ ਐਕਸ਼ਨ ਕਮੇਟੀ ਵਿੱਚ ਸ਼ਾਮਲ ਹੋਵੇਗੀ। ਉਹ ਖ਼ੁਦ ਮੀਡੀਆ ਸਾਹਮਣੇ ਆ ਕੇ ਆਪਣੀ ਗੱਲ ਰੱਖੇਗੀ, ਤਾਂ ਜੋ ਇਸ ਮਾਮਲੇ ਵਿੱਚ ਪਰਿਵਾਰ ਦਾ ਪੱਖ ਸਿੱਧੇ ਤੌਰ 'ਤੇ ਲੋਕਾਂ ਤੱਕ ਪਹੁੰਚ ਸਕੇ।
ਭੀਮ ਸਿੰਘ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਆਗੂ ਧਰਨੇ ਵਿੱਚ ਸ਼ਾਮਲ ਨਾ ਹੋਵੇ। ਹਾਲਾਂਕਿ ਉਨ੍ਹਾਂ ਕਿਹਾ ਕਿ ਜੇਕਰ ਕੋਈ ਆਗੂ ਪਾਰਟੀ ਤੋਂ ਅਸਤੀਫ਼ਾ ਦੇ ਕੇ ਧਰਨੇ ਵਿੱਚ ਆਉਂਦਾ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੋਰ ਸਿਆਸੀ ਪਾਰਟੀਆਂ ਦੇ ਆਗੂ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਧਰਨੇ ਵਿੱਚ ਸ਼ਾਮਲ ਹੋ ਸਕਦੇ ਹਨ।
ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਭੀਮ ਸਿੰਘ ਦੇ ਇਸ ਬਿਆਨ ਨਾਲ ਐਕਸ਼ਨ ਕਮੇਟੀ ਵੱਲੋਂ ਐਲਾਨੇ ਗਏ ਅਮਿਤ ਸ਼ਾਹ ਦੇ ਵਿਰੋਧ ਨੂੰ ਲੈ ਕੇ ਨਵੀਂ ਚਰਚਾ ਛਿੜ ਗਈ ਹੈ।
