ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤਾ ਇਨਕਾਰ, ਸੀਐਮ ਦੀ ਸੀਬੀਆਈ ਜਾਂਚ ਦੀ ਗੱਲ ਤੋਂ ਸੰਤੁਸ਼ਟ ਨਹੀਂ
ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਸੀਬੀਆਈ ਕਰੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਕੀਤਾ।
ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਪਰਿਵਾਰ ਦੀ ਮੰਗ ਨੂੰ ਸਵੀਕਾਰ ਕਰਦਿਆਂ ਹੋਇਆਂ ਅਸੀਂ ਕੇਸ ਸੀਬੀਆਈ ਨੂੰ ਸੌਂਪ ਰਹੇ ਹਾਂ। ਨਸ਼ਾ ਵੇਚਣ ਵਾਲਿਆਂ ਵਿਰੁੱਧ ਸਾਡੀ ਆਰ-ਪਾਰ ਦੀ ਹੈ। ਸਾਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਜਿਹੜਾ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਉਸ ਤੋਂ ਪਿੱਛੇ ਨਹੀਂ ਹਟਾਂਗੇ।"
ਹਾਲਾਂਕਿ, ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਵੀ ਝੋਟਾ ਦਾ ਪਰਿਵਾਰ ਸੰਤੁਸ਼ਟ ਨਹੀਂ ਹੈ। ਉਨ੍ਹਾਂ ਦੇ ਪਿਤਾ ਭੀਮ ਸਿੰਘ ਨੇ ਕਿਹਾ, "ਅਸੀਂ ਅਜੇ ਅੰਤਿਮ ਸੰਸਕਾਰ ਨਹੀਂ ਕਰਾਂਗੇ। ਅਸੀਂ ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ੇ ਲਈ ਅਮਿਤ ਸ਼ਾਹ ਨਾਲ ਗੱਲ ਕਰਾਂਗੇ।"
ਇੱਥੇ ਜ਼ਿਕਰ ਕਰ ਦਈਏ ਕਿ 13 ਅਕਤੂਬਰ ਨੂੰ ਕੈਮਿਸਟ ਅਸ਼ਵਨੀ ਕੁਮਾਰ ਨੇ ਇੱਕ ਮੈਡੀਕਲ ਸਟੋਰ 'ਤੇ ਨਸ਼ਿਆਂ ਦੀ ਵਿਕਰੀ ਦਾ ਵਿਰੋਧ ਕਰਨ 'ਤੇ ਪਰਵਿੰਦਰ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਦੋਂ ਤੋਂ, ਪਰਿਵਾਰ ਸੀਬੀਆਈ ਜਾਂਚ 'ਤੇ ਅੜਿਆ ਹੋਇਆ ਹੈ। ਝੋਟਾ ਦੀ ਲਾਸ਼ ਅੱਠ ਦਿਨਾਂ ਤੋਂ ਸਿਵਲ ਹਸਪਤਾਲ ਵਿੱਚ ਪਈ ਹੋਈ ਹੈ। ਪਰਿਵਾਰ ਨੇ ਹਾਲੇ ਤੱਕ ਲਾਸ਼ ਦਾ ਅੰਤਿਮ ਸਸਕਾਰ ਨਹੀਂ ਕੀਤਾ ਹੈ।
ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵਲੋਂ ਕੁੱਝ ਮੰਗਾਂ ਰੱਖੀਆਂ ਗਈਆਂ ਹਨ, ਜਿਨ੍ਹਾਂ ਨੂੰ ਲੈਕੇ ਉਹ ਲਗਾਤਾਰ ਕਹਿ ਰਹੇ ਹਨ। ਪਿਛਲੇ ਦਿਨਾਂ ਤੋਂ ਮਾਨਸਾ ਵਿੱਚ ਧਰਨਾ ਲੱਗਿਆ ਹੋਇਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।
ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਲਈ ਵੀ ਕਹਿ ਦਿੱਤਾ ਹੈ, ਪਰ ਪਰਿਵਾਰ ਹਾਲੇ ਵੀ ਸੰਤੁਸ਼ਟ ਨਹੀਂ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕਰਨਗੇ।
