ਮੋਗਾ ‘ਚ ਸਾਂਝੇ ਮੰਚ ‘ਤੇ ਹੰਗਾਮਾ, ਕਿਸਾਨ ਆਗੂ ਦੇ ਹੱਥੋਂ ਅਕਾਲੀ ਆਗੂ ਨੇ ਖੋਹਿਆ ਮਾਈਕ; ਵੀਡੀਓ ਵਾਇਰਲ

ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲਿਸ ਵੱਲੋਂ ਵਿਧਾਇਕ ਦੇ ਘਰ ਦੇ ਬਾਹਰ ਬੈਰੀਕੇਡਿੰਗ ਕੀਤੀ ਗਈ ਸੀ। ਪ੍ਰਦਰਸ਼ਨਕਾਰੀ ਬੈਰੀਕੇਡਾਂ ਨੇੜੇ ਸਾਂਝਾ ਮੰਚ ਬਣਾ ਕੇ ਆਪਣਾ ਰੋਸ ਪ੍ਰਗਟਾ ਰਹੇ ਸਨ। ਇਸ ਦੌਰਾਨ ਮੰਚ ਤੋਂ ਸੰਬੋਧਨ ਕਰ ਰਹੇ ਇੱਕ ਕਿਸਾਨ ਆਗੂ ਨੇ ਪੰਜਾਬ 'ਚ ਨਸ਼ਿਆਂ ਦੀ ਸਮੱਸਿਆ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ।
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਤੇ ਪੰਜਾਬ ‘ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਕੀਤੇ ਗਏ। ਇਸ ਦੌਰਾਨ ਮੋਗਾ ‘ਚ ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਘਰ ਦੇ ਬਾਹਰ ਪ੍ਰਦਰਸ਼ਨ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ। ਸਾਂਝੇ ਮੰਚ ਤੇ ਸੰਬੋਧਨ ਕਰ ਰਹੇ ਇੱਕ ਕਿਸਾਨ ਆਗੂ ਦੇ ਹੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੰਨੀ ਗਿੱਲ ਵੱਲੋਂ ਮਾਈਕ ਖੋਹਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।
ਜਾਣਕਾਰੀ ਅਨੁਸਾਰ, ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮੁੱਦੇ ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਣ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਵਾਰਿਸ ਪੰਜਾਬ ਦੇ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਪ੍ਰਦਰਸ਼ਨ ਕੀਤੇ ਗਏ। ਇਸ ਤਹਿਤ ਮੋਗਾ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਬਾਹਰ ਵੱਖ-ਵੱਖ ਪਾਰਟੀਆਂ ਤੇ ਜਥੇਬੰਦੀਆਂ ਦੇ ਆਗੂ ਇਕੱਠੇ ਹੋਏ।
ਇਸ ਤੋਂ ਬਾਅਦ ਮੰਚ ਤੇ ਤਣਾਅ ਪੈਦਾ ਹੋ ਗਿਆ। ਕਿਸਾਨ ਆਗੂ ਦੇ ਪਿੱਛੇ ਖੜ੍ਹੇ ਮੋਗਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਸੰਨੀ ਗਿੱਲ ਨੇ ਕਿਸਾਨ ਆਗੂ ਦੇ ਹੱਥੋਂ ਮਾਈਕ ਖੋਹ ਲਿਆ। ਇਸ ਘਟਨਾ ਤੋਂ ਬਾਅਦ ਦੋਵੇਂ ਧਿਰਾਂ ਦੇ ਸਮਰਥਕਾਂ ਵਿਚਾਲੇ ਤਕਰਾਰ ਵਧ ਗਈ ਤੇ ਉਨ੍ਹਾਂ ਨੇ ਇੱਕ-ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਮੌਕੇ ਤੇ ਮੌਜੂਦ ਲੋਕਾਂ ਤੇ ਪੁਲਿਸ ਵੱਲੋਂ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ।
ਮਾਈਕ ਖੋਹਣ ਦੀ ਘਟਨਾ ਤੋਂ ਪਹਿਲਾਂ ਵੀ ਸਾਂਝੇ ਮੰਚ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਿਚਾਲੇ ਸੰਬੋਧਨ ਕਰਨ ਨੂੰ ਲੈ ਕੇ ਤਕਰਾਰ ਹੁੰਦੀ ਦਿਖਾਈ ਦਿੱਤੀ। ਹਾਲਾਂਕਿ, ਸਾਰੀਆਂ ਪਾਰਟੀਆਂ ਤੇ ਜਥੇਬੰਦੀਆਂ ਨਸ਼ਿਆਂ ਦੇ ਮੁੱਦੇ ਅਤੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਇਕੱਠੀਆਂ ਹੋਈਆਂ ਸਨ, ਪਰ ਮੰਚ ਤੇ ਵਾਪਰੀ ਇਸ ਘਟਨਾ ਨੇ ਉਨ੍ਹਾਂ ਵਿਚਾਲੇ ਮੌਜੂਦ ਸਿਆਸੀ ਮਤਭੇਦਾਂ ਨੂੰ ਸਾਹਮਣੇ ਲਿਆ ਦਿੱਤਾ।
ਮੌਕੇ ਤੇ ਮੌਜੂਦ ਮੀਡੀਆ ਕਰਮੀਆਂ ਤੇ ਵੱਖ-ਵੱਖ ਪਾਰਟੀਆਂ ਦੇ ਕੈਮਰਾਮੈਨਾਂ ਵੱਲੋਂ ਇਸ ਘਟਨਾ ਦੀ ਵੀਡੀਓ ਬਣਾਈ ਗਈ, ਜੋ ਹੁਣ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।
