ਸੂਬੇ ਤੇ ਦੇਸ਼ ਦਾ ਸਰਮਾਇਆ ਹਨ ਸ਼ਹੀਦ ਯੋਧੇ : ਐੱਸਐੱਸਪੀ
ਜ਼ਿਲ੍ਹਾ ਪੱਧਰੀ ਸ਼ਹੀਦੀ ਯਾਦਗਾਰੀ ਦਿਵਸ ਪੁਲਿਸ ਲਾਈਨਜ਼ ਫਾਜ਼ਿਲਕਾ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਵਿੱਚ ਨਿਆਂਪਾਲਿਕਾ, ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕਰਕੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਜਵਾਨਾਂ ਨੂੰ ਯਾਦ ਕੀਤਾ। ਇਸ ਮੌਕੇ ਐੱਸਐੱਸਪੀ ਫਾਜ਼ਿਲਕਾ ਗਗਨ ਅਜੀਤ ਸਿੰਘ, ਐੱਸਡੀਐੱਮ ਫਾਜ਼ਿਲਕਾ ਜੁਗਰਾਜ ਸਿੰਘ ਸਮੇਤ ਨਿਆਂਪਾਲਿਕਾ ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਡੀਐੱਸਪੀ ਸਬ-ਡਵੀਜ਼ਨ ਅਬੋਹਰ ਸ਼ਹਿਰੀ ਹਰੀਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਸ਼ੋਕ ਸਲਾਮੀ ਦਿੱਤੀ। ਇਸ ਉਪਰੰਤ ਸਮੂਹ ਅਧਿਕਾਰੀਆਂ ਅਤੇ ਮਹਿਮਾਨਾਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਡੀਐੱਸਪੀ ਲਵਦੀਪ ਸਿੰਘ ਗਿੱਲ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਪੁਲਿਸ ਜਵਾਨਾਂ ਦੇ ਨਾਂ ਪੜ੍ਹ ਕੇ ਸੁਣਾਏ। ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ: ਐੱਸਐੱਸਪੀ ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸਐੱਸਪੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਖੀ ਲਈ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਡਿਊਟੀ ਨਿਭਾਉਣ ਵਾਲੇ ਸ਼ਹੀਦਾਂ ’ਤੇ ਸਾਨੂੰ ਮਾਣ ਹੈ। ਇਨ੍ਹਾਂ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਦੇਸ਼ ਦੇ ਨਾਗਰਿਕ ਆਪਣੇ ਘਰਾਂ ਵਿੱਚ ਸੁਰੱਖਿਅਤ ਜੀਵਨ ਬਤੀਤ ਕਰ ਰਹੇ ਹਨ। ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਇਨ੍ਹਾਂ ਬਹਾਦਰ ਜਵਾਨਾਂ ਨੂੰ ਹਮੇਸ਼ਾ ਯਾਦ ਰੱਖਣਾ ਸਾਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਯਾਦਗਾਰੀ ਦਿਵਸ ਮਨਾਉਣ ਦਾ ਮੁੱਖ ਮਕਸਦ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਦੀ ਯਾਦ ਨੂੰ ਤਾਜ਼ਾ ਰੱਖਣਾ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਦੇਣਾ ਹੈ। ਸ਼ਹੀਦ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ ਫਾਜ਼ਿਲਕਾ ਪੁਲਿਸ ਐੱਸਐੱਸਪੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਅੱਤਵਾਦ ਦੇ ਦੌਰ ਵਿੱਚ ਫਾਜ਼ਿਲਕਾ ਪੁਲਿਸ ਦੇ ਵੱਖ-ਵੱਖ ਰੈਂਕਾਂ ਦੇ ਕਈ ਜਵਾਨਾਂ ਨੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਹਾਇਤਾ ਲਈ ਜ਼ਿਲ੍ਹਾ ਪੁਲਿਸ ਹਮੇਸ਼ਾ ਵਚਨਬੱਧ ਹੈ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਫਾਜ਼ਿਲਕਾ ਪੁਲਿਸ ਵੱਲੋਂ ਇਨ੍ਹਾਂ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਸਮਾਗਮ ਦੌਰਾਨ ਸ਼ਹੀਦ ਪੁਲਿਸ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਗਿਆ ਅਤੇ ਦੇਸ਼ ਦੀ ਸੁਰੱਖਿਆ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਨਮਨ ਕੀਤਾ ਗਿਆ।
