ਮੁਕੇਰੀਆਂ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਵਿਸ਼ਾਲ ਰੋਸ ਮਾਰਚ

ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ’ਤੇ ਆਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਤਹਿਸੀਲ ਮੁਕੇਰੀਆਂ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਰੈਸਟ ਹਾਊਸ ਵਿਖੇ ਵਿਸ਼ਾਲ ਧਰਨਾ ਦਿੱਤਾ। ਇਸ ਤੋਂ ਬਾਅਦ ਮੁਕੇਰੀਆਂ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ ਗਿਆ, ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਸੈਂਕੜੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਰੋਸ ਮਾਰਚ ਦੀ ਅਗਵਾਈ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਤਰਸੇਮ ਹਰਚੰਦ, ਪਸਸਫ ਦੇ ਪ੍ਰਧਾਨ ਮਨਜੀਤ ਸਿੰਘ, ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਦੇ ਤਹਿਸੀਲ ਪ੍ਰਧਾਨ ਕੁੰਵਰ ਰਾਕੇਸ਼ ਸਿੰਘ ਅਤੇ ਸਤੀਸ਼ ਕੁਮਾਰ ਨੇ ਸਾਂਝੇ ਤੌਰ ’ਤੇ ਕੀਤੀ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਅਕਤੂਬਰ ਦੇ ਪਹਿਲੇ ਹਫ਼ਤੇ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਮੀਟਿੰਗ ਨਹੀਂ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਾਢੇ ਸੱਤ ਲੱਖ ਮੁਲਾਜ਼ਮ, ਪੈਨਸ਼ਨਰ ਅਤੇ ਉਨ੍ਹਾਂ ਦੇ ਪਰਿਵਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਸਬਕ ਸਿਖਾਉਣਗੇ। ਬਲਵਿੰਦਰ ਸਿੰਘ ਨੌਸ਼ਹਿਰਾ ਪੱਤਣ, ਹਰਿੰਦਰ ਸਿੰਘ ਅਤੇ ਰਾਜ ਕੁਮਾਰ ਆਦਿ ਹਾਜ਼ਰ ਸਨ।
