ਕਾਂਗਰਸ ਵੱਲੋਂ ਪੰਜਾਬ ’ਚ ਸਰਕਾਰ ਬਣਨ ’ਤੇ ਸਾਰੀਆਂ ਸਬਸਿਡੀਆਂ ਕੀਤੀਆਂ ਜਾਣਗੀਆਂ ਬੰਦ: ਅਮਨ ਅਰੋੜਾ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਉੱਤੇ ਕਾਂਗਰਸ ਵੱਲੋਂ ਸਾਰੀਆਂ ਸਬਸਿਡੀਆਂ ਬੰਦ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਦਾਅਵਾ ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇੱਕ ਟੀਵੀ ਇੰਟਰਵਿਊ ਦੌਰਾਨ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸਬਸਿਡੀਆਂ ਸਾਰਿਆਂ ਨੂੰ ਨਹੀਂ ਦਿੱਤੀਆਂ ਜਾਣੀਆਂ ਚਾਹੀਦੀਆਂ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 22 ਹਜ਼ਾਰ ਕਰੋੜ ਰੁਪਏ ਦੀਆਂ ਸਬਸਿਡੀਆਂ ਦਿੱਤੀਆਂ ਜਾ ਰਹੀਆਂ ਹਨ, ਪਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਬੰਦ ਕਰਨ ਦੇ ਦਾਅਵੇ ਕਰ ਰਹੀ ਹੈ। ਇਸ ਬਾਰੇ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੰਜਾਬ ਵਿੱਚ ਸਬਸਿਡੀਆਂ ਜਾਰੀ ਰਹਿਣਗੀਆਂ ਜਾਂ ਇਸ ਨੂੰ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਉਂਝ ਤਾਂ ਸਬਸਿਡੀਆਂ ਮਾੜੀਆਂ ਲੱਗ ਰਹੀਆਂ ਹਨ, ਪਰ ਪੰਜਾਬ ਦੇ ਕਿਸੇ ਵੀ ਕਾਂਗਰਸੀ ਆਗੂ ਨੇ ਮੁਫ਼ਤ ਬਿਜਲੀ ਜਾਂ ਉਨ੍ਹਾਂ ਦੇ ਪਰਿਵਾਰਾਂ ਦੀਆਂ ਔਰਤਾਂ ਨੇ ਇੱਕ ਹਜ਼ਾਰ ਰੁਪਏ ਮਹੀਨਾ ਲੈਣ ਤੋਂ ਇਨਕਾਰ ਨਹੀਂ ਕੀਤਾ ਹੈ।
ਅਮਨ ਅਰੋੜਾ ਨੇ ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਉਸ ਦੇ ਪਿਤਾ ਦੀ ਮੰਗ ਅਨੁਸਾਰ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪ ਦਿੱਤੀ ਹੈ। ਸੀ.ਬੀ.ਆਈ. ਨੇ ਉਕਤ ਮਾਮਲੇ ਵਿੱਚ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ, ਤਾਂ ਫਿਰ ਹੁਣ ਝੋਟਾ ਦੀ ਮ੍ਰਿਤਕ ਦੇਹ ਨੂੰ ਰੋਲਣ ਦਾ ਕੋਈ ਫ਼ਾਇਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਸੀ ਪਾਰਟੀਆਂ ਵੱਲੋਂ ਝੋਟਾ ਦੀ ਮੌਤ ਉੱਤੇ ਸਿਆਸਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਂ ਕਿ ਸੂਬਾ ਸਰਕਾਰ ਕਾਤਲਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰ ਰਹੀ ਹੈ।
ਹਮਲਾਵਰ ਨੂੰ ਅਸਲਾ ਲਾਈਸੈਂਸ ਜਾਰੀ ਕਰਨ ਦੇ ਬਿਆਨ ਉੱਤੇ ਅਮਨ ਅਰੋੜਾ ਨੇ ਕਿਹਾ ਕਿ ਜਿਸ ਵਿਅਕਤੀ ਉੱਤੇ ਕਾਨੂੰਨੀ ਕੇਸ ਦਰਜ ਹੋ ਚੁੱਕਾ ਹੈ, ਉਸ ਦਾ ਅਸਲਾ ਲਾਈਸੈਂਸ ਕਦੇ ਵੀ ਨਹੀਂ ਬਣਾਉਣਾ ਚਾਹੀਦਾ, ਬਲਕਿ ਝੋਟਾ ਦੇ ਹਮਲਾਵਰਾਂ ਦਾ ਅਸਲਾ ਲਾਈਸੈਂਸ ਬਣਾਉਣ ਵਾਲਿਆਂ ਦੀ ਵੀ ਜਾਂਚ ਕਰਕੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।
