ਦਰਬਾਰ ਸਾਹਿਬ ਵਿਖੇ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਹੋਵੇਗੀ ਦੀਪਮਾਲਾ

ਸ੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਪ੍ਰਕਾਸ਼ ਗੁਰਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 25 ਤੋਂ 27 ਅਕਤੂਬਰ ਤੱਕ ਅਥਾਹ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਪਵਿੱਤਰ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਜੀ ਵਿਖੇ ਅਲੌਕਿਕ ਜਲੌਅ ਸਜਾਏ ਜਾਣਗੇ।
ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਇਹ ਸ਼ੁਭ ਦਿਹਾੜਾ ਮਨਾਇਆ ਜਾਵੇਗਾ। ਪ੍ਰੋਗਰਾਮ ਅਨੁਸਾਰ 25 ਅਤੇ 26 ਅਕਤੂਬਰ ਨੂੰ ਸੋਦਰੁ ਰਹਿਰਾਸ ਸਾਹਿਬ ਜੀ ਦੇ ਪਾਠ ਦੀ ਸਮਾਪਤੀ ਉਪਰੰਤ ਵਿਸ਼ੇਸ਼ ਕੀਰਤਨ ਦਰਬਾਰ ਸਜਾਏ ਜਾਣਗੇ, ਜਿਨ੍ਹਾਂ ਵਿੱਚ ਗੁਰਬਾਣੀ ਦੇ ਗੰਭੀਰ ‘ਰਾਗ ਪੜਤਾਲ’ ਦੇ ਤਹਿਤ ਗੁਰਬਾਣੀ ਦਾ ਗਾਇਨ ਹੋਵੇਗਾ। ਇਹ ਕੀਰਤਨ ਦਰਬਾਰ ਸ਼ਾਮ 7 ਵਜੇ ਤੋਂ ਲੈ ਕੇ ਦੇਰ ਰਾਤ 1 ਵਜੇ ਤੱਕ ਨਿਰੰਤਰ ਚੱਲਣਗੇ, ਜਿੱਥੇ ਪੰਥ ਪ੍ਰਸਿੱਧ ਰਾਗੀ ਜਥੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਸਿੰਘ ਸਾਹਿਬ ਨੇ ਜਾਣਕਾਰੀ ਦਿੱਤੀ ਕਿ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਵੇਰੇ 10 ਵਜੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਛਤਰ-ਚੰਵਰ ਦੇ ਮਾਲਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵਿਸ਼ੇਸ਼ ਨਗਰ ਕੀਰਤਨ ਬੜੀ ਸ਼ਾਨੋ-ਸ਼ੌਕਤ ਨਾਲ ਸਜਾਇਆ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਨਗਰ ਕੀਰਤਨ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ।
27 ਅਕਤੂਬਰ ਨੂੰ ਪ੍ਰਕਾਸ਼ ਪੁਰਬ ਦੇ ਮੁੱਖ ਦਿਹਾੜੇ ਮੌਕੇ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਹੱਥੀਂ ਲਿਖਤ ਪਾਵਨ ਸਰੂਪ ਦਾ ਪ੍ਰਕਾਸ਼ ਕੀਤਾ ਜਾਵੇਗਾ। ਇਸ ਇਤਿਹਾਸਕ ਮੌਕੇ ‘ਤੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਵੇਰੇ 8:30 ਵਜੇ ਤੋਂ ਦੁਪਹਿਰ 12 ਵਜੇ ਤੱਕ ਬੇਸ਼ਕੀਮਤੀ ਇਤਿਹਾਸਕ ਵਸਤਾਂ ਦੇ ਅਲੌਕਿਕ ਜਲੌਅ ਸਜਾਏ ਜਾਣਗੇ। ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਖੇ ਅਲੌਕਿਕ ਦੀਪਮਾਲਾ ਕੀਤੀ ਜਾਵੇਗੀ ਅਤੇ ਰਹਿਰਾਸ ਸਾਹਿਬ ਤੋਂ ਬਾਅਦ ਸ਼ਾਨਦਾਰ ਆਤਿਸ਼ਬਾਜ਼ੀ ਚਲਾਈ ਜਾਵੇਗੀ।
ਮੁੱਖ ਦਿਹਾੜੇ ਮੌਕੇ ਰਾਤ ਦੇ ਦੀਵਾਨ ਵਿੱਚ ਭਾਈ ਜਸਬੀਰ ਸਿੰਘ ਖ਼ੰਨੇ ਵਾਲੇ ਅਤੇ ਭਾਈ ਸਾਹਿਬ ਭਾਈ ਇੰਦਰਪਾਲ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰ ਕੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ। ਇਸ ਤੋਂ ਇਲਾਵਾ, 25 ਅਕਤੂਬਰ ਤੋਂ ਲੈ ਕੇ 9 ਨਵੰਬਰ ਤੱਕ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਰੋਜ਼ਾਨਾ ਅੰਮ੍ਰਿਤ ਵੇਲੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖਵਾਕ (ਹੁਕਮਨਾਮਾ ਸਾਹਿਬ) ਦੀ ਕਥਾ ਅਤੇ ਗੁਰਮਤਿ ਵਿਚਾਰਾਂ ਦਾ ਨਿਰਵਿਘਨ ਪ੍ਰਵਾਹ ਚੱਲੇਗਾ।
ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਿਵਾਰਾਂ ਸਮੇਤ ਇਨ੍ਹਾਂ ਸਮੂਹ ਧਾਰਮਿਕ ਪ੍ਰੋਗਰਾਮਾਂ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਦਰਬਾਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਅਤੇ ਆਪਸ ਵਿੱਚ ਪ੍ਰਕਾਸ਼ ਪੁਰਬ ਦੀ ਵਧਾਈ ਸਾਂਝੀ ਕਰਨ।
