ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਜਗਸ਼ੇਰ ਨੂੰ ਸੀਐਮ ਮਾਨ ਨੇ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਨਾਭਾ ਦੇ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਨਾਲ ਮੁਲਾਕਾਤ ਕਰਕੇ ਵਧਾਈ ਦਿੱਤੀ।
ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਮਹਿਜ਼ 15 ਸਾਲ ਦੀ ਉਮਰ ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਨੌਜਵਾਨ ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਮੁਲਾਕਾਤ ਕੀਤੀ।
ਮਿਸਰ (ਇਜਿਪਟ) ਵਿੱਚ ਹੋਈ ਇਸ ਵਿਸ਼ਵ ਪੱਧਰੀ ਚੈਂਪੀਅਨਸ਼ਿਪ ਦੌਰਾਨ ਜਗਸ਼ੇਰ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਅਤੇ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗਾ ਆਪਣੇ ਨਾਮ ਕੀਤਾ। ਇਸ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਜਗਸ਼ੇਰ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ।
ਮੁੱਖ ਮੰਤਰੀ ਨੇ ਨੌਜਵਾਨ ਖਿਡਾਰੀ ਦੀ ਇਸ ਕਾਮਯਾਬੀ ਦੀ ਸ਼ਲਾਘਾ ਕਰਦਿਆਂ ਉਸ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਜਗਸ਼ੇਰ ਸਿੰਘ ਦੀ ਇਹ ਉਪਲਬਧੀ ਪੰਜਾਬ ਦੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਅੰਤਰਰਾਸ਼ਟਰੀ ਖੇਡ ਮੰਚ 'ਤੇ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਖਿਡਾਰੀਆਂ ਦੀ ਮਹੱਤਤਾ ਨੂੰ ਉਜਾਗਰ ਕਰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਤਮਗ਼ਾ ਜਿੱਤਣਾ ਖਿਡਾਰੀ ਦੀ ਸਖ਼ਤ ਮਿਹਨਤ ਅਤੇ ਲਗਾਤਾਰ ਅਭਿਆਸ ਦਾ ਨਤੀਜਾ ਹੈ। ਜਗਸ਼ੇਰ ਸਿੰਘ ਖੰਗੂੜਾ ਨੇ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਪੰਜਾਬ ਅਤੇ ਆਪਣੇ ਜੱਦੀ ਸ਼ਹਿਰ ਨਾਭਾ ਦਾ ਨਾਮ ਰੌਸ਼ਨ ਕੀਤਾ ਹੈ।
ਉਨ੍ਹਾਂ ਨੇ ਖਿਡਾਰੀ ਦੀ ਇਸ ਪ੍ਰਾਪਤੀ ’ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਹੋਣਹਾਰ ਖਿਡਾਰੀ ਆਪਣੀ ਪ੍ਰਤਿਭਾ ਅਤੇ ਮਿਹਨਤ ਨਾਲ ਵਿਸ਼ਵ ਪੱਧਰ ’ਤੇ ਸੂਬੇ ਦੀ ਪਛਾਣ ਬਣਾ ਰਹੇ ਹਨ। ਜਗਸ਼ੇਰ ਸਿੰਘ ਖੰਗੂੜਾ ਦੀ ਇਹ ਉਪਲਬਧੀ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਮਿਹਨਤ ਅਤੇ ਲਗਨ ਨਾਲ ਆਪਣੇ ਟੀਚੇ ਹਾਸਲ ਕਰਨ ਦਾ ਸੰਦੇਸ਼ ਵੀ ਦਿੰਦੀ ਹੈ।
