ਪੰਜਾਬ ਦੇ ਇਨਸਾਫ਼ ਲਈ 28 ਅਕਤੂਬਰ ਨੂੰ ਦੁਨੀਆ ਭਰ 'ਚ ਹੋਵੇਗੀ ਅਰਦਾਸ, ਜਥੇਦਾਰ ਵੱਲੋਂ ਵੱਡਾ ਸੰਦੇਸ਼
ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਅਹਿਮ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ 28 ਅਕਤੂਬਰ ਨੂੰ ਗੁਰਦੁਆਰਾ ਸਾਹਿਬਾਨ ਵਿੱਚ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਰੁਝਾਨ 'ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਨਸ਼ੇ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਹੇ ਹਨ। ਜੇਕਰ ਸਰਕਾਰਾਂ ਨੇ ਮੈਡੀਕਲ ਅਤੇ ਸਿੰਥੈਟਿਕ ਨਸ਼ਿਆਂ ਦੇ ਨੈੱਟਵਰਕ ਨੂੰ ਜਲਦੀ ਨਾ ਤੋੜਿਆ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦੇ ਬਹੁਤ ਗੰਭੀਰ ਨਤੀਜੇ ਸਾਹਮਣੇ ਆ ਸਕਦੇ ਹਨ।
ਉਨ੍ਹਾਂ ਨੇ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਪਰਵਿੰਦਰ ਸਿੰਘ ਦੇ ਪਰਿਵਾਰ ਦੀ ਇਨਸਾਫ਼ ਦੀ ਲੜਾਈ ਵਿੱਚ ਵੱਧ ਤੋਂ ਵੱਧ ਸਾਥ ਦਿੱਤਾ ਜਾਵੇ। ਜਥੇਦਾਰ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ਹਰ ਤਰ੍ਹਾਂ ਦੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸੱਚਾ-ਸੁੱਚਾ ਜੀਵਨ ਬਤੀਤ ਕਰਨ ਦੀ ਸਿੱਖਿਆ ਦਿੱਤੀ ਹੈ। ਉਨ੍ਹਾਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਨਸ਼ੇ ਛੱਡ ਕੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰਾਂ ਨੂੰ ਨਸ਼ਿਆਂ ਦੇ ਆਦੀ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਨਸ਼ੇ ਵੇਚਣ ਵਾਲਿਆਂ ਦਾ ਪੂਰਨ ਬਾਈਕਾਟ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
