ਕਿਸਾਨਾਂ ਲਈ ਰਾਹਤ ਦਾ ਐਲਾਨ, ਬੇਮੌਸਮੀ ਮੀਂਹ ਦੇ ਨੁਕਸਾਨ ਦਾ ਮਿਲੇਗਾ ਮੁਆਵਜ਼ਾ: ਖੁੱਡੀਆਂ

ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਮੁਆਵਜ਼ੇ ਦਾ ਭਰੋਸਾ ਦਿੱਤਾ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਅਤੇ ਯੋਗ ਕਿਸਾਨਾਂ ਨੂੰ ਨੁਕਸਾਨ ਅਨੁਸਾਰ ਮੁਆਵਜ਼ਾ ਦੇਣ ਦੀ ਗੱਲ ਕਹੀ।
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਵਿਸ਼ੇਸ਼ ਗਿਰਦਾਵਰੀ ਕਰਵਾਉਣ ਤੋਂ ਬਾਅਦ ਮੁਆਵਜ਼ਾ ਦੇਵੇਗੀ। ਖੁੱਡੀਆਂ ਨੇ ਇਹ ਭਰੋਸਾ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਮਾਨ, ਬਿੱਡੋਵਾਲੀ, ਚੰਨੂੰ, ਰੋੜਾਂਵਾਲੀ, ਫੱਤੂਹੀ ਖੇੜਾ ਅਤੇ ਦਿਓਣ ਖੇੜਾ ਵਿੱਚ ਮੀਂਹ ਨਾਲ ਪ੍ਰਭਾਵਿਤ ਖੇਤਾਂ ਦਾ ਜਾਇਜ਼ਾ ਲੈਣ ਮੌਕੇ ਦਿੱਤਾ।
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ।
ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਯੋਗ ਕਿਸਾਨਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਪਾਰਦਰਸ਼ੀ ਢੰਗ ਨਾਲ ਲਿਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਪ੍ਰਭਾਵਿਤ ਕਿਸਾਨ ਮੁਆਵਜ਼ੇ ਦੀ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਜਿੱਥੇ ਫ਼ਸਲਾਂ ਦਾ 100 ਫੀਸਦੀ ਨੁਕਸਾਨ ਹੋਇਆ ਹੈ, ਉੱਥੇ ਗਿਰਦਾਵਰੀ ਵਿੱਚ ਵੀ ਓਨਾ ਹੀ ਨੁਕਸਾਨ ਦਰਜ ਕੀਤਾ ਜਾਵੇਗਾ।
