ਅੰਮ੍ਰਿਤਸਰ ਪੰਜਾਬ ਦੇ ਇਸ ਜ਼ਿਲ੍ਹੇ 'ਚ 27 ਤਰੀਕ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਅੰਮ੍ਰਿਤਸਰ ਵਿੱਚ 27 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 27 ਅਕਤੂਬਰ ਮੰਗਲਵਾਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਹੈ, ਜਿਸ ਨੂੰ ਮੁੱਖ ਰੱਖਦਿਆਂ ਹੋਏ 27 ਤਰੀਕ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਇਹ ਅਧਿਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਮਿਤੀ 27 ਅਕਤੂਬਰ ਦਿਨ ਮੰਗਲਵਾਰ ਦੀ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਐਲਾਨੀ ਜਾਂਦੀ ਹੈ।
ਜ਼ਿਕਰ ਕਰ ਦਈਏ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਵੀ ਸਜਾਇਆ ਜਾਵੇਗਾ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਅਟਲ ਰਾਏ ਅਤੇ ਦਰਬਾਰ ਸਾਹਿਬ ਵਿੱਚ ਦੁਪਹਿਰ ਵੇਲੇ ਜਲੋਅ ਸਜਾਏ ਜਾਣਗੇ। ਉੱਥੇ ਹੀ ਸ਼ਾਮ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ। ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ 'ਤੇ ਅੰਮ੍ਰਿਤਸਰ ਸ਼ਹਿਰ ਸਜਾਇਆ ਗਿਆ ਹੈ ਅਤੇ ਥਾਂ-ਥਾਂ 'ਤੇ ਗੁਰਪੁਰਬ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ।
