ਗੁਰੂ ਰਾਮਦਾਸ ਜੀ ਦੀ ਵੱਡੀ ਵਡਿਆਈ
ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦਾ ਜੀਵਨ ਨਿਸ਼ਕਾਮ ਸੇਵਾ, ਅਥਾਹ ਪ੍ਰੇਮ-ਭਗਤੀ, ਨਿਮਰਤਾ, ਸਹਿਣਸ਼ੀਲਤਾ ਅਤੇ ਉੱਚੇ-ਸੁੱਚੇ ਸਦਗੁਣਾਂ ਦਾ ਪ੍ਰਤੀਕ ਹੈ, ਜਿਸ ਤੋਂ ਸੱਚੀ ਸੇਵਾ, ਅਟੱਲ ਸਿਦਕ ਅਤੇ ਸਮਰਪਣ ਭਾਵਨਾ ਦੀ ਪ੍ਰੇਰਨਾ ਮਿਲਦੀ ਹੈ।
ਸਿੱਖੀ ਦੇ ਬੂਟੇ ਨੂੰ ਸਿੰਜਣ ਅਤੇ ਇਸ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸ੍ਰੀ ਗੁਰੂ ਰਾਮਦਾਸ ਜੀ ਨੇ ਅਹਿਮ ਕਾਰਜ ਕੀਤੇ। ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਵਿੱਤਰ ਨਗਰੀ ਦੀ ਸਥਾਪਨਾ ਰਾਹੀਂ ਉਨ੍ਹਾਂ ਨੇ ਸਿੱਖ ਕੌਮ ਨੂੰ ਅਜਿਹਾ ਰੂਹਾਨੀ ਕੇਂਦਰ ਬਖ਼ਸ਼ਿਆ, ਜੋ ਅੱਜ ਸਮੁੱਚੀ ਮਾਨਵਤਾ ਨੂੰ ਸਰਬ-ਸਾਂਝੀਵਾਲਤਾ, ਪ੍ਰੇਮ, ਸੇਵਾ ਅਤੇ ਸਮਾਨਤਾ ਦਾ ਸੰਦੇਸ਼ ਦੇ ਰਿਹਾ ਹੈ। ਉਨ੍ਹਾਂ ਦੀ ਬਾਣੀ ਨੇ ਮਨੁੱਖਤਾ ਨੂੰ ਅਕਾਲ ਪੁਰਖ ਨਾਲ ਜੁੜਨ, ਗ੍ਰਹਿਸਥ ਜੀਵਨ ਵਿੱਚ ਰਹਿੰਦਿਆਂ ਪ੍ਰਭੂ-ਭਗਤੀ ਕਰਨ ਅਤੇ ਸਦਾਚਾਰਕ ਕਦਰਾਂ-ਕੀਮਤਾਂ ਨੂੰ ਜੀਵਨ ਦਾ ਆਧਾਰ ਬਣਾਉਣ ਦੀ ਪ੍ਰੇਰਨਾ ਦਿੱਤੀ। ਗੁਰੂ ਸਾਹਿਬ ਦੇ ਜੀਵਨ ਦੀ ਵਡਿਆਈ ਨੂੰ ਭਾਈ ਸੱਤਾ ਜੀ ਅਤੇ ਭਾਈ ਬਲਵੰਡ ਜੀ ਨੇ ਇਸ ਤਰ੍ਹਾਂ ਬਿਆਨ ਕੀਤਾ ਹੈ:
ਗੁਰੂ ਰਾਮਦਾਸ ਜੀ ਦਾ ਜਨਮ ਚੂਨਾ ਮੰਡੀ ਲਾਹੌਰ ਦੇ ਵਸਨੀਕ ਸ੍ਰੀ ਹਰਿਦਾਸ ਜੀ ਦੇ ਗ੍ਰਹਿ ਵਿਖੇ ਮਾਤਾ ਦਇਆ ਕੌਰ ਜੀ ਦੀ ਕੁੱਖੋਂ ਕੱਤਕ ਵਦੀ 2, ਸੰਮਤ 1591 (ਸੰਨ 1534) ਨੂੰ ਹੋਇਆ। ਪਰਿਵਾਰ ਨੇ ਉਨ੍ਹਾਂ ਦਾ ਨਾਮ ਜੇਠਾ ਰੱਖਿਆ। ਬਾਲ ਅਵਸਥਾ ਵਿੱਚ ਹੀ ਆਪ ਦੇ ਸਿਰ ਤੋਂ ਮਾਤਾ-ਪਿਤਾ ਦਾ ਸਾਇਆ ਉੱਠ ਗਿਆ। ਮਾਤਾ ਪਿਤਾ ਦੇ ਚਲਾਣੇ ਉਪਰੰਤ ਆਪ ਦੇ ਬਚਪਨ ਦਾ ਬਹੁਤਾ ਸਮਾਂ ਨਾਨਕੇ ਘਰ ਪਿੰਡ ਬਾਸਰਕੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਬੀਤਿਆ, ਜਿੱਥੇ ਆਪ ਘੁੰਗਣੀਆਂ ਵੇਚ ਕੇ ਘਰ ਦੇ ਨਿਰਬਾਹ ਵਿੱਚ ਹਿੱਸਾ ਪਾਉਂਦੇ ਰਹੇ।
ਬਾਸਰਕੇ ਪਿੰਡ ਗੁਰੂ ਅਮਰਦਾਸ ਜੀ ਦੀ ਨਗਰੀ ਸੀ, ਜਿੱਥੋਂ ਅਕਸਰ ਸੰਗਤ ਗੁਰੂ ਜੀ ਦੇ ਦਰਸ਼ਨਾਂ ਨੂੰ ਗੋਇੰਦਵਾਲ ਜਾਇਆ ਕਰਦੀ ਸੀ। ਗੁਰੂ ਅਮਰਦਾਸ ਜੀ ਦੇ ਦਰਸ਼ਨਾਂ ਦੀ ਤਾਂਘ ਸਦਕਾ ਆਪ ਵੀ ਬਾਸਰਕੇ ਗਿੱਲਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਆ ਗਏ। ਗੁਰੂ-ਦਰਬਾਰ ਵਿੱਚ ਸਵੇਰੇ-ਸ਼ਾਮ ਕਥਾ-ਕੀਰਤਨ ਸਰਵਣ ਕਰਦਿਆਂ ਆਪ ਗੁਰੂ ਘਰ ਦੀ ਨਿਸ਼ਕਾਮ ਸੇਵਾ ਵੀ ਡਟ ਕੇ ਕਰਦੇ। ਇਸ ਦੌਰਾਨ ਭਾਈ ਜੇਠਾ ਜੀ ਨੇ ਆਪਣੇ ਨਿਰਬਾਹ ਲਈ ਘੁੰਗਣੀਆਂ ਵੇਚਣ ਦਾ ਕਾਰਜ ਵੀ ਜਾਰੀ ਰੱਖਿਆ। ਗੁਰੂ ਜੀ ਦੀ ਨਿਮਰਤਾ, ਸੇਵਾ-ਸਿਮਰਨ, ਕਿਰਤ ਅਤੇ ਨੇਕ ਸੁਭਾਅ ਨੂੰ ਵੇਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੀ ਪੁੱਤਰੀ ਬੀਬੀ ਭਾਨੀ ਜੀ ਦਾ ਰਿਸ਼ਤਾ ਆਪ ਨਾਲ ਕਰ ਦਿੱਤਾ। ਗੁਰੂ-ਘਰ ਦਾ ਦਾਮਾਦ ਬਣ ਕੇ ਵੀ ਭਾਈ ਜੇਠਾ ਜੀ ਨੇ ਲੋਕ-ਲਾਜ ਦੀ ਪਰਵਾਹ ਨਾ ਕੀਤੀ ਅਤੇ ਦਿਨ-ਰਾਤ ਗੁਰੂਘਰ ਦੀ ਸੇਵਾ ਵਿੱਚ ਤਤਪਰ ਰਹੇ। ਗੁਰੂ ਅਮਰਦਾਸ ਜੀ ਭਾਈ ਜੇਠਾ ਜੀ ਦੀ ਸੇਵਾ ਭਾਵਨਾ ਤੇ ਅਣਥੱਕ ਘਾਲਣਾ ਵੇਖ ਕੇ ਬਹੁਤ ਪ੍ਰਸੰਨ ਸਨ। ਆਪ ਜੀ ਭਾਈ ਜੇਠਾ ਜੀ ਨੂੰ ਪਿਆਰ ਨਾਲ ਰਾਮਦਾਸ ਕਹਿ ਕੇ ਬੁਲਾਉਂਦੇ ਸਨ, ਜਿਸ ਤੋਂ ਸੰਗਤ ਵਿੱਚ ਉਨ੍ਹਾਂ ਦਾ ਨਾਮ ਸ੍ਰੀ ਰਾਮਦਾਸ ਪੱਕ ਗਿਆ।
ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੇ ਤੋਂ ਬਾਅਦ ਗੁਰਿਆਈ ਲਈ ਯੋਗ ਜਾਣਦਿਆਂ ਆਪ ਜੀ ਨੂੰ ਗੁਰਗੱਦੀ ਦੀ ਜ਼ਿੰਮੇਵਾਰੀ ਸੌਂਪੀ। ਗੁਰਗੱਦੀ ’ਤੇ ਸੁਭਾਇਮਾਨ ਹੋਣ ਤੋਂ ਬਾਅਦ ਗੁਰੂ ਰਾਮਦਾਸ ਜੀ ਨੇ ਸਿੱਖ ਧਰਮ ਦੀ ਬੁਲੰਦੀ ਅਤੇ ਚੜ੍ਹਦੀ ਕਲਾ ਲਈ ਅਨੇਕਾਂ ਕਾਰਜ ਕੀਤੇ, ਜਿਸ ਨਾਲ ਗੁਰੂਘਰ ਦੀ ਵਡਿਆਈ ਚੁਫ਼ੇਰੇ ਹੋਰ ਫੈਲੀ। ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਆਪ ਜੀ ਦਾ ਇੱਕ ਅਹਿਮ ਕਾਰਜ ਹੈ। ਸ੍ਰੀ ਗੁਰੂ ਰਾਮਦਾਸ ਜੀ ਤੀਸਰੇ ਪਾਤਸ਼ਾਹ ਦੇ ਹੁਕਮ ਨਾਲ ਇੱਥੇ ਆਏ ਅਤੇ ਸਰੋਵਰ ਦੀ ਖੁਦਵਾਈ ਆਰੰਭ ਕਰਵਾਈ। ਇਹ ਸਰੋਵਰ ਸੰਤੋਖਸਰ ਦੇ ਨਾਂ ਨਾਲ ਪ੍ਰਸਿੱਧ ਹੋਇਆ। ਇਸੇ ਦੌਰਾਨ ਆਪ ਨੇ ਨਗਰ ‘ਗੁਰੂ ਕਾ ਚੱਕ’ ਵਸਾਇਆ, ਜੋ ਬਾਅਦ ਵਿੱਚ ‘ਰਾਮਦਾਸਪੁਰ/ ਚੱਕ ਰਾਮਦਾਸ’ ਦੇ ਨਾਂ ਨਾਲ ਜਾਣਿਆ ਗਿਆ ਅਤੇ ਫਿਰ ‘ਸ੍ਰੀ ਅੰਮ੍ਰਿਤਸਰ ਸਾਹਿਬ’ ਵਜੋਂ ਮਸ਼ਹੂਰ ਹੋਇਆ। ਆਪ ਨੇ ਸੰਗਤ ਨੂੰ ਇੱਥੇ ਵੱਸਣ ਲਈ ਪ੍ਰੇਰਿਆ। ਇਸ ਨਗਰ ਨੂੰ ਆਬਾਦ ਕਰਨ ਲਈ ਆਪ ਨੇ ਵੱਖ-ਵੱਖ ਹੁਨਰ ਵਾਲੇ ਕਿਰਤੀਆਂ ਨੂੰ ਇੱਥੇ ਵਸਾਇਆ।
ਇਤਿਹਾਸ ਅਨੁਸਾਰ ਇਹ ਵੱਖ-ਵੱਖ ਤਰ੍ਹਾਂ ਦੇ 52 ਕਿੱਤਿਆਂ ਨਾਲ ਸਬੰਧਿਤ ਲੋਕ ਸਨ। ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਇਆ ਇਹ ਨਗਰ ਮਨੁੱਖੀ ਬਰਾਬਰੀ ਅਤੇ ਭਰਾਤਰੀ ਭਾਵ ਦੀ ਇੱਕ ਮਿਸਾਲ ਬਣਿਆ। ਆਪ ਨੇ ਇੱਥੇ ਵੱਖ-ਵੱਖ ਸ਼੍ਰੇਣੀਆਂ ਦੇ ਲੋਕ ਵਸਾਏ ਸਨ। ‘ਮਸੰਦ’ ਪ੍ਰਣਾਲੀ ਦੀ ਸ਼ੁਰੂਆਤ ਵੀ ਆਪ ਦਾ ਇੱਕ ਅਹਿਮ ਫ਼ੈਸਲਾ ਸੀ। ਮਸੰਦਾਂ ਨੇ ਗੁਰੂਘਰ ਦੇ ਪ੍ਰਚਾਰ-ਪਸਾਰ ਲਈ ਅਹਿਮ ਭੂਮਿਕਾ ਨਿਭਾਈ ਸੀ। ਮਸੰਦ ਸਿੱਖੀ ਦੇ ਉਹ ਪ੍ਰਚਾਰਕ ਸਨ, ਜੋ ਸੰਗਤ ਤੋਂ ਗੁਰੂਘਰ ਲਈ ਭੇਟਾ ਇਕੱਤਰ ਕਰਦੇ ਅਤੇ ਸਿੱਖੀ ਦਾ ਪ੍ਰਚਾਰ ਕਰਦੇ ਸਨ। ਇਸੇ ਤਰ੍ਹਾਂ ਗੁਰੂ ਰਾਮਦਾਸ ਜੀ ਨੇ ਸਿੱਖੀ ਦੀਆਂ ਪਰੰਪਰਾਵਾਂ ਦੇ ਪਾਲਣ ਲਈ ਸੰਗਤ ਨੂੰ ਪ੍ਰੇਰਿਆ ਅਤੇ ਸਿੱਖੀ ਮਰਯਾਦਾ ਨੂੰ ਹੋਰ ਪੱਕਿਆਂ ਕੀਤਾ।
ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸ਼ੁਰੂ ਕੀਤੀ ਗਈ ਲੰਗਰ ਦੀ ਮਰਯਾਦਾ ਨੂੰ ਅੱਗੇ ਤੋਰਨ ਵਿੱਚ ਵੀ ਆਪ ਦਾ ਵਡਮੁੱਲਾ ਯੋਗਦਾਨ ਹੈ। ਸ੍ਰੀ ਗੁਰੂ ਰਾਮਦਾਸ ਜੀ ਨੇ ਪਵਿੱਤਰ ਗੁਰਬਾਣੀ ਦੀ ਰਚਨਾ ਕਰਦਿਆਂ ਅਮੁੱਲ ਤੇ ਵੱਡਾ ਭੰਡਾਰ ਮਨੁੱਖਤਾ ਦੀ ਝੋਲੀ ਪਾਇਆ। ਉਨ੍ਹਾਂ ਦੀ ਪਾਵਨ ਬਾਣੀ ਮਨੁੱਖ ਮਾਤਰ ਲਈ ਸੁੱਖਾਂ ਦਾ ਖ਼ਜ਼ਾਨਾ ਤੇ ਆਤਮਿਕ ਆਨੰਦ ਪ੍ਰਦਾਨ ਕਰਨ ਵਾਲੀ ਹੈ। ਇਸ ਵਿੱਚ ਮਨੁੱਖ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ। ਇਹ ਸਾਡੀ ਅਧਿਆਤਮਿਕ ਤੇ ਸਮਾਜਿਕ ਅਗਵਾਈ ਕਰਦਿਆਂ ਚੰਗਾ ਜੀਵਨ ਜਿਊਣ ਲਈ ਮਾਰਗਦਰਸ਼ਨ ਕਰਦੀ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਉਪਦੇਸ਼ ਜੀਵਨ ਨੂੰ ਅੰਮ੍ਰਿਤਮਈ ਬਣਾਉਂਦੇ ਹਨ। ਉਨ੍ਹਾਂ ਦੇ ਕਾਰਜ ਮਨੁੱਖ ਨੂੰ ਆਤਮਿਕ ਤੇ ਸਮਾਜਿਕ ਵਿਕਾਸ ਅਤੇ ਵਿਗਾਸ ਦਾ ਰਾਹ ਦਿਖਾਉਂਦੇ ਹਨ। ਗੁਰੂ ਸਾਹਿਬ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਮੇਰੀ ਸਮੂਹ ਸਿੱਖ ਜਗਤ ਨੂੰ ਅਪੀਲ ਹੈ ਕਿ ਆਉ, ਅਸੀਂ ਗੁਰੂ ਸਾਹਿਬ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦੇ ਭਾਵ ਪੈਦਾ ਕਰਦੇ ਹੋਏ ਸਿੱਖ ਪੰਥ ਦੇ ਸਿਧਾਂਤਾਂ ਨੂੰ ਵਿਹਾਰਕ ਜੀਵਨ ਦਾ ਹਿੱਸਾ ਬਣਾਈਏ।
