ਪਠਾਨਮਾਜਰਾ ਅਤੇ ਜੋੜਾਮਾਜਰਾ ਦੇ ਅਸਤੀਫ਼ੇ ਉੱਤੇ 'ਆਪ' ਦਾ ਬਿਆਨ
ਪਟਿਆਲਾ ਜ਼ਿਲ੍ਹੇ ਦੇ ਦੋ ਵਿਧਾਇਕਾਂ ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਆਮ ਆਦਮੀ ਪਾਰਟੀ (ਆਪ) ਨੂੰ ਅਲਵਿਦਾ ਕਹਿਣ ਤੋਂ ਕੁਝ ਘੰਟਿਆਂ ਬਾਅਦ ਹੀ, 'ਆਪ' ਦੇ ਸੀਨੀਅਰ ਆਗੂ ਅਤੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਇਨ੍ਹਾਂ ਅਸਤੀਫ਼ਿਆਂ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਦਾਅਵਾ ਕੀਤਾ ਕਿ "ਪਾਰਟੀ ਨੇ ਉਨ੍ਹਾਂ ਨੂੰ ਪਹਿਲਾਂ ਹੀ ਕਿਨਾਰੇ ਕਰ ਦਿੱਤਾ ਸੀ।" ਪੰਨੂ ਨੇ ਪਾਰਟੀ ਅੰਦਰ ਕਿਸੇ ਵੀ ਤਰ੍ਹਾਂ ਦੀ ਬਗਾਵਤ ਦੇ ਦਾਅਵਿਆਂ ਨੂੰ ਸਿਰੇ ਤੋਂ ਨਕਾਰਿਆ ਅਤੇ ਕਿਹਾ ਕਿ ਅਜਿਹੇ ਆਗੂਆਂ ਨੂੰ ਉਨ੍ਹਾਂ ਦੀਆਂ ਸ਼ੱਕੀ ਗਤੀਵਿਧੀਆਂ ਕਾਰਨ ਪਹਿਲਾਂ ਹੀ ਲਾਂਭੇ ਕਰ ਦਿੱਤਾ ਗਿਆ ਸੀ।
ਪੰਨੂ ਨੇ ਕਿਹਾ ਕਿ ਇਨ੍ਹਾਂ ਦੋ ਵਿਧਾਇਕਾਂ ਦੇ ਜਾਣ ਨਾਲ ਪਾਰਟੀ 'ਤੇ ਕੋਈ ਅਸਰ ਨਹੀਂ ਪੈਂਦਾ, ਕਿਉਂਕਿ ਲੀਡਰਸ਼ਿਪ ਵੱਲੋਂ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਹੁਤ ਪਹਿਲਾਂ ਹੀ ਉਨ੍ਹਾਂ ਨੂੰ ਸਾਈਡਲਾਈਨ ਕਰ ਦਿੱਤਾ ਗਿਆ ਸੀ। ਬਲਤੇਜ ਪੰਨੂ ਨੇ ਕਿਹਾ ਕਿ ਅਸਤੀਫ਼ਾ ਦੇਣ ਵਾਲੇ ਆਗੂ ਆਪਣੀ ਹੋਂਦ ਗੁਆ ਚੁੱਕੇ ਹਨ ਅਤੇ ਉਨ੍ਹਾਂ ਕੋਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਇਲਾਵਾ ਕੋਈ ਹੋਰ ਬਦਲ ਨਹੀਂ ਬਚਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਕੋਈ ਆਧਾਰ ਨਹੀਂ ਬਚਿਆ ਹੈ ਅਤੇ ਉਸ ਨੂੰ ਚੋਣਾਂ ਲੜਨ ਲਈ ਯੋਗ ਉਮੀਦਵਾਰਾਂ ਦੇ ਗੰਭੀਰ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਨੂ ਨੇ ਕਿਹਾ, “ਇਹੀ ਕਾਰਨ ਹੈ ਕਿ ਭਾਜਪਾ ਹੁਣ ਦੂਜੀਆਂ ਸਿਆਸੀ ਪਾਰਟੀਆਂ ਵੱਲੋਂ ਨਕਾਰੇ ਗਏ ਆਗੂਆਂ ਦੇ ਸਹਾਰੇ ਆਪਣੀ ਹੋਂਦ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ”।
ਭਾਜਪਾ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਹੁਣ ਸਿਰਫ਼ "ਬਚੇ-ਖੁਚੇ" ਲੋਕਾਂ ਦਾ ਇਕੱਠ ਬਣ ਕੇ ਰਹਿ ਗਈ ਹੈ, ਜਿੱਥੇ ਸਿਰਫ਼ ਉਹੀ ਲੋਕ ਸ਼ਰਨ ਲੈਂਦੇ ਹਨ ਜਿਨ੍ਹਾਂ ਨੂੰ ਹੋਰ ਪਾਰਟੀਆਂ ਬਾਹਰ ਕੱਢ ਦਿੰਦੀਆਂ ਹਨ। ਪੰਨੂ ਅਨੁਸਾਰ, ਪੰਜਾਬ ਦੇ ਲੋਕ ਅਜਿਹੇ ਮੌਕਾਪ੍ਰਸਤ ਆਗੂਆਂ ਦੇ ਦਲ-ਬਦਲੂ ਰਵੱਈਏ ਨੂੰ ਬਹੁਤ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਸੂਬੇ ਦੇ ਸੁਚੇਤ ਵੋਟਰ ਇਨ੍ਹਾਂ ਨਕਾਰੇ ਹੋਏ ਚਿਹਰਿਆਂ ਦਾ ਕਦੇ ਸਾਥ ਨਹੀਂ ਦੇਣਗੇ।
ਉਨ੍ਹਾਂ ਕਿਹਾ, “ਆਮ ਆਦਮੀ ਪਾਰਟੀ ਜ਼ਮੀਨੀ ਪੱਧਰ 'ਤੇ ਮਜ਼ਬੂਤ ਹੈ ਅਤੇ ਅਜਿਹੇ ਆਗੂਆਂ ਦੇ ਜਾਣ ਨਾਲ ਪਾਰਟੀ ਦਾ ਢਾਂਚਾ ਹੋਰ ਮਜ਼ਬੂਤ ਹੋ ਕੇ ਉਭਰੇਗਾ।”
