ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਸੁਖਬੀਰ ਬਾਦਲ ਨੇ ਕੀਤਾ ਸਵਾਗਤ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪੁੱਤਰ ਹਰਿੰਦਰਪਾਲ ਸਿੰਘ ਅਤੇ ਸਮਰਥਕਾਂ ਸਮੇਤ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਏ। ਸੁਖਬੀਰ ਬਾਦਲ ਨੇ ਪਟਿਆਲਾ ਵਿੱਚ ਕੀਤਾ ਸਵਾਗਤ।
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੁੱਤਰ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੀ ਆਪਣੇ ਸਾਥੀਆਂ ਅਤੇ ਵੱਡੀ ਗਿਣਤੀ ਵਿੱਚ ਸਮਰਥਕਾਂ ਸਮੇਤ ਪਾਰਟੀ ਵਿੱਚ ਵਾਪਸ ਆ ਗਏ ਹਨ। ਚੰਦੂਮਾਜਰਾ ਪਰਿਵਾਰ ਦੀ ਘਰ ਵਾਪਸੀ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪਟਿਆਲਾ ਪਹੁੰਚੇ। ਉਨ੍ਹਾਂ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਸਾਥੀਆਂ ਦੀ ਪਾਰਟੀ ਵਿੱਚ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਤਾਕਤ ਮਿਲੇਗੀ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਪਰਿਵਾਰ ਆਪਣੇ ਪੁਰਾਣੇ ਘਰ ਵਾਪਸ ਆ ਗਿਆ ਹੈ। ਇਸ ਨਾਲ ਪਾਰਟੀ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਹੋਵੇਗੀ।
ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਚੰਦੂਮਾਜਰਾ ਪਰਿਵਾਰ ਅਕਾਲੀ ਦਲ ਦੀ ਟਿਕਟ 'ਤੇ ਹੀ ਚੋਣ ਲੜੇਗਾ। ਇਸੇ ਕਰਕੇ ਵਿਧਾਨ ਸਭਾ ਹਲਕਾ ਸਨੌਰ ਤੋਂ ਪਾਰਟੀ ਨੇ ਹੁਣ ਤੱਕ ਕੋਈ ਨਵਾਂ ਇੰਚਾਰਜ ਨਿਯੁਕਤ ਨਹੀਂ ਕੀਤਾ ਸੀ।
ਸੁਖਬੀਰ ਬਾਦਲ ਨੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਨਾਲ ਖੜ੍ਹੇ ਰਹਿੰਦੇ ਹਨ। ਉਹ ਇਲਾਕੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਚੰਦੂਮਾਜਰਾ ਪਰਿਵਾਰ ਦੀ ਵਾਪਸੀ ਨਾਲ 'ਚੁੱਲ੍ਹਾ ਦਲ' ਦਾ ਪੂਰੀ ਤਰ੍ਹਾਂ ਖਾਤਮਾ ਹੋ ਗਿਆ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਪਾਰਟੀ ਕੇਡਰ ਪੂਰੀ ਤਰ੍ਹਾਂ ਇਕਜੁੱਟ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਹਾਸਲ ਕਰੇਗਾ ਅਤੇ ਸਾਰੀਆਂ ਸੀਟਾਂ 'ਤੇ ਆਪਣਾ ਪਰਚਮ ਲਹਿਰਾਏਗਾ।
