ਉਦਯੋਗਿਕ ਨਿਵੇਸ਼ ਨੇ ਫੜੀ ਰਫ਼ਤਾਰ
ਪੰਜਾਬ ਦੇ ਅਰਥਚਾਰੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਪੀੜ੍ਹੀ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਸੂਬੇ ਵਿੱਚ ਉਦਯੋਗਿਕ ਨਿਵੇਸ਼ ਨੂੰ ਹੁਲਾਰਾ ਦੇਣਾ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ। ਰਵਾਇਤੀ ਖੇਤੀ ਆਧਾਰਿਤ ਅਰਥਚਾਰੇ ਦੇ ਨਾਲ-ਨਾਲ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਇਨਵੈਸਟ ਪੰਜਾਬ’ ਪਹਿਲਕਦਮੀ ਨੇ ਸੂਬੇ ਨੂੰ ਦੇਸ਼ ਦੇ ਪ੍ਰਮੁੱਖ ਕਾਰੋਬਾਰੀ ਕੇਂਦਰਾਂ ਦੀ ਕਤਾਰ ਵਿੱਚ ਖੜ੍ਹਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਪੁੱਟਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਨਾ ਸਿਰਫ਼ ਉਦਯੋਗਪਤੀਆਂ ਦਾ ਭਰੋਸਾ ਵਧ ਰਿਹਾ ਹੈ ਸਗੋਂ ਪੰਜਾਬ ਦੇ ਉਦਯੋਗਿਕ ਭਵਿੱਖ ਨੂੰ ਵੀ ਨਵੀਂ ਦਿਸ਼ਾ ਮਿਲ ਰਹੀ ਹੈ।
ਅੰਕੜਿਆਂ ਮੁਤਾਬਿਕ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਕਰੀਬ 1.92 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਉਦਯੋਗਿਕ ਵਿਕਾਸ ਨੂੰ ਹੋਰ ਰਫ਼ਤਾਰ ਦੇਣ ਲਈ 10 ਜੂਨ 2026 ਨੂੰ ਹੋਈ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਵਿੱਚ ‘ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026’ ਅਤੇ ‘ਪੰਜਾਬ ਉਦਯੋਗ ਕ੍ਰਾਂਤੀ’ ਤਹਿਤ ਵਿਸ਼ੇਸ਼ ਸਰਕਾਰੀ ਨੀਤੀਆਂ ਵਿੱਚ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਗਈ। ਇਨ੍ਹਾਂ ਸੋਧਾਂ ਤਹਿਤ ਵਿੱਤੀ ਰਿਆਇਤਾਂ ਦਾ ਦਾਇਰਾ ਵਧਾਇਆ ਗਿਆ ਹੈ। ਇਸ ਦੇ ਨਾਲ ਹੀ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਸਿੱਧਾ ਲਾਭ ਪਹੁੰਚਾਉਣ ਦਾ ਪ੍ਰਬੰਧ ਕੀਤਾ ਗਿਆ ਹੈ।
ਸਰਕਾਰ ਅਨੁਸਾਰ, ਇਨ੍ਹਾਂ ਫ਼ੈਸਲਿਆਂ ਨਾਲ ਨਿਵੇਸ਼ਕਾਂ ਵਿੱਚ ਸਕਾਰਾਤਮਕ ਸੁਨੇਹਾ ਗਿਆ ਹੈ ਅਤੇ ਸੂਬੇ ਵਿੱਚ ਪਹਿਲਾਂ ਤੋਂ ਕੰਮ ਕਰ ਰਹੀਆਂ ਉਦਯੋਗਿਕ ਇਕਾਈਆਂ ਦੇ ਪਸਾਰ ਦੀਆਂ ਸੰਭਾਵਨਾਵਾਂ ਵੀ ਵਧੀਆਂ ਹਨ। ਸਾਲ 2025 ਦੌਰਾਨ ਤਕਰੀਬਨ 57,000 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟ ਲਾਗੂ ਹੋ ਚੁੱਕੇ ਹਨ। ਸਰਕਾਰ ਦਾ ਦਾਅਵਾ ਹੈ ਕਿ ਇਹ ਇਸ ਗੱਲ ਦਾ ਸੰਕੇਤ ਹੈ ਕਿ ਉਸ ਦੀਆਂ ਕਾਰੋਬਾਰ ਪੱਖੀ ਨੀਤੀਆਂ ਅਤੇ ‘ਸਿੰਗਲ ਵਿੰਡੋ’ ਪ੍ਰਣਾਲੀ ਕਾਰਨ ਕੰਪਨੀਆਂ ਦਾ ਪੰਜਾਬ ਪ੍ਰਤੀ ਭਰੋਸਾ ਮਜ਼ਬੂਤ ਹੋਇਆ ਹੈ।
ਉਦਯੋਗਿਕ ਨਿਵੇਸ਼ ਵਿੱਚ ਇਹ ਵਾਧਾ ਪੰਜਾਬ ਲਈ ਇਸ ਲਈ ਵੀ ਅਹਿਮ ਹੈ ਕਿਉਂਕਿ ਸੂਬਾ ਲੰਮੇ ਸਮੇਂ ਤੋਂ ਖੇਤੀ ਆਧਾਰਿਤ ਅਰਥਚਾਰੇ ਉੱਤੇ ਨਿਰਭਰ ਰਿਹਾ ਹੈ। ਉਦਯੋਗਿਕ ਖੇਤਰ ਵਿੱਚ ਨਵੇਂ ਨਿਵੇਸ਼ ਨਾਲ ਉਤਪਾਦਨ, ਰੁਜ਼ਗਾਰ, ਬਰਾਮਦ ਅਤੇ ਸਹਾਇਕ ਕਾਰੋਬਾਰਾਂ ਨੂੰ ਹੁਲਾਰਾ ਮਿਲਣ ਦੀ ਸੰਭਾਵਨਾ ਹੈ। ਸਰਕਾਰ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਯਤਨਾਂ ਦਾ ਵਿਆਪਕ ਉਦੇਸ਼ ਪੰਜਾਬ ਨੂੰ ਨਿਵੇਸ਼ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣਾ ਅਤੇ ਸੂਬੇ ਵਿੱਚ ਉਦਯੋਗਿਕ ਸਰਗਰਮੀਆਂ ਦਾ ਦਾਇਰਾ ਵਧਾਉਣਾ ਹੈ।
ਇਨ੍ਹਾਂ ਦੇ ਚੱਲਦਿਆਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੀ ਅਰਥਵਿਵਸਥਾ ਵਿੱਚ ਉਦਯੋਗ ਖੇਤਰ ਦੀ ਭੂਮਿਕਾ ਹੋਰ ਮਜ਼ਬੂਤ ਹੋ ਸਕਦੀ ਹੈ।
