ਪੰਜਾਬ ’ਚ ਵਧੇਗੀ ਠੰਢ, ਮੀਂਹ ਬਾਰੇ ਨਵਾਂ ਅਪਡੇਟ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਆਵੇਗੀ ਤਬਦੀਲੀ। 11-12 ਨਵੰਬਰ ਨੂੰ ਹਲਕੀ ਬਾਰਿਸ਼ ਦੀ ਸੰਭਾਵਨਾ, ਦਿੱਲੀ ਵਿੱਚ 400 ਦੇ ਨੇੜੇ।
ਪੰਜਾਬ ਸਮੇਤ ਪੂਰੇ ਉੱਤਰ ਭਾਰਤ ਦੇ ਮੌਸਮ ਵਿੱਚ ਲਗਾਤਾਰ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਸਵੇਰੇ ਅਤੇ ਸ਼ਾਮ ਦੇ ਸਮੇਂ ਤਾਪਮਾਨ ਵਿੱਚ ਗਿਰਾਵਟ ਆਉਣ ਕਾਰਨ ਠੰਢ ਮਹਿਸੂਸ ਹੋਣ ਲੱਗੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਦੂਜੇ ਪਾਸੇ, ਦਿੱਲੀ ਵਿੱਚ ਦੀਵਾਲੀ ਦੌਰਾਨ ਹਵਾ ਦੀ ਗੁਣਵੱਤਾ ਖ਼ਰਾਬ ਹੋਣ ਕਾਰਨ ਲੋਕਾਂ ਦੀ ਚਿੰਤਾ ਵਧ ਗਈ ਹੈ।
ਮੌਸਮ ਵਿਭਾਗ ਮੁਤਾਬਕ ਦੀਵਾਲੀ ਦੇ ਮੌਕੇ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਮੀਂਹ ਦੀ ਕੋਈ ਖ਼ਾਸ ਸੰਭਾਵਨਾ ਨਹੀਂ ਹੈ। ਇਨ੍ਹਾਂ ਇਲਾਕਿਆਂ ਵਿੱਚ ਮੌਸਮ ਜ਼ਿਆਦਾਤਰ ਖੁਸ਼ਕ ਰਹਿਣ ਦੀ ਉਮੀਦ ਹੈ। ਹਾਲਾਂਕਿ, ਸਵੇਰੇ ਅਤੇ ਰਾਤ ਦੇ ਸਮੇਂ ਤਾਪਮਾਨ ਵਿੱਚ ਗਿਰਾਵਟ ਕਾਰਨ ਠੰਢ ਦਾ ਅਹਿਸਾਸ ਵਧ ਸਕਦਾ ਹੈ।
ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ 10 ਨਵੰਬਰ ਤੋਂ ਬਾਅਦ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਦੇ ਪ੍ਰਭਾਵ ਕਾਰਨ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਬਦਲਣ ਦੀ ਸੰਭਾਵਨਾ ਹੈ। ਇਨ੍ਹਾਂ ਪਹਾੜੀ ਇਲਾਕਿਆਂ ਵਿੱਚ 10 ਤੋਂ 12 ਨਵੰਬਰ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਨਾਲ ਪਹਾੜੀ ਇਲਾਕਿਆਂ ਵਿੱਚ ਠੰਢ ਹੋਰ ਵਧਣ ਦੇ ਆਸਾਰ ਹਨ।
ਪੰਜਾਬ ਅਤੇ ਹਰਿਆਣਾ ਦੇ ਲੋਕਾਂ ਲਈ ਮੌਸਮ ਵਿਭਾਗ ਵੱਲੋਂ ਅਹਿਮ ਅਪਡੇਟ ਜਾਰੀ ਕੀਤੀ ਗਈ ਹੈ। ਮੁਤਾਬਕ 11 ਅਤੇ 12 ਨਵੰਬਰ ਨੂੰ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਨਵੰਬਰ ਦੇ ਦੂਜੇ ਹਫ਼ਤੇ ਦੌਰਾਨ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਸਵੇਰੇ ਅਤੇ ਰਾਤ ਦੇ ਸਮੇਂ ਠੰਢ ਵਧਣ ਦੇ ਨਾਲ-ਨਾਲ ਕੁਝ ਇਲਾਕਿਆਂ ਵਿੱਚ ਧੁੰਦ ਵੀ ਪੈ ਸਕਦੀ ਹੈ।
ਦਿੱਲੀ ਵਿੱਚ ਇੱਕ ਪਾਸੇ ਸਵੇਰੇ ਅਤੇ ਰਾਤ ਦੇ ਸਮੇਂ ਹਲਕੀ ਠੰਢ ਮਹਿਸੂਸ ਹੋ ਰਹੀ ਹੈ, ਉੱਥੇ ਹੀ ਦੂਜੇ ਪਾਸੇ ਹਵਾ ਪ੍ਰਦੂਸ਼ਣ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਦੀਵਾਲੀ ਦੇ ਆਸ-ਪਾਸ ਦਿੱਲੀ ਦੇ ਕਈ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ਬੇਹੱਦ ਖ਼ਰਾਬ ਦਰਜ ਕੀਤੀ ਗਈ। 8 ਨਵੰਬਰ ਦੀ ਸਵੇਰ ਨੂੰ ਕਈ ਇਲਾਕਿਆਂ ਵਿੱਚ ਏਅਰ ਕੁਆਲਿਟੀ ਇੰਡੈਕਸ 400 ਦੇ ਨੇੜੇ ਪਹੁੰਚ ਗਿਆ। ਮੌਸਮ ਵਿਭਾਗ ਮੁਤਾਬਕ 7 ਨਵੰਬਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 30.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। 8 ਨਵੰਬਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਸੀ। ਆਉਣ ਵਾਲੇ ਦਿਨਾਂ ਵਿੱਚ ਵੀ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 27 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਜੇਕਰ ਤਾਪਮਾਨ ਵਿੱਚ ਹੋਰ ਗਿਰਾਵਟ ਆਉਂਦੀ ਹੈ ਤਾਂ ਪ੍ਰਦੂਸ਼ਣ ਦੀ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ।
ਨਵੰਬਰ ਦੇ ਦੂਜੇ ਹਫ਼ਤੇ ਵਿੱਚ ਠੰਢ ਵਧਣ ਅਤੇ ਧੁੰਦ ਪੈਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਖ਼ਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਵੇਰੇ ਅਤੇ ਰਾਤ ਦੇ ਸਮੇਂ ਠੰਢ ਤੋਂ ਬਚਾਅ ਕਰਨਾ ਚਾਹੀਦਾ ਹੈ।
