ਲੁਧਿਆਣਾ ’ਚ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਤੇ ਉਸ ਦੀ ਪਤਨੀ ’ਤੇ ਗੋਲੀਬਾਰੀ
ਲੁਧਿਆਣਾ ਵਿੱਚ ਇੱਕ ਮਹਿਲਾ ਪੱਤਰਕਾਰ ਅਤੇ ਉਸ ਦੇ ਪੱਤਰਕਾਰ ਪਤੀ ’ਤੇ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਨਿਚਰਵਾਰ ਦੇਰ ਰਾਤ ਇੱਕ ਨਕਾਬਪੋਸ਼ ਹਮਲਾਵਰ ਨੇ ਉਨ੍ਹਾਂ ਦੀ ਕਾਰ ਦਾ ਰਸਤਾ ਰੋਕ ਕੇ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਉਸ ਨੇ ਜੋੜੇ ਦੀ ਕਾਰ ਦਾ ਪਿੱਛਾ ਕੀਤਾ ਅਤੇ ਫਿਰੋਜ਼ਪੁਰ ਰੋਡ ’ਤੇ ਨਾਨਕਸਰ ਗੁਰਦੁਆਰੇ ਨੇੜੇ ਮੁੜ ਗੋਲੀਆਂ ਚਲਾਈਆਂ। ਹਮਲੇ ਦੌਰਾਨ ਜੋੜਾ ਵਾਲ-ਵਾਲ ਬਚ ਗਿਆ।
ਜਦੋਂ ਪੱਤਰਕਾਰ ਨੇ ਉਸ ਨੂੰ ਰਸਤਾ ਰੋਕਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਧਮਕੀ ਦਿੱਤੀ। ਇਸ ਮਗਰੋਂ ਹਮਲਾਵਰ ਨੇ ਪਿਸਤੌਲ ਕੱਢ ਕੇ ਕਾਰ ’ਤੇ ਗੋਲੀਆਂ ਚਲਾ ਦਿੱਤੀਆਂ। ਗਗਨਦੀਪ ਨੇ ਤੁਰੰਤ ਕਾਰ ਭਜਾ ਲਈ, ਪਰ ਹਮਲਾਵਰ ਨੇ ਉਨ੍ਹਾਂ ਦਾ ਪਿੱਛਾ ਕਰਨਾ ਜਾਰੀ ਰੱਖਿਆ।
ਪੱਤਰਕਾਰਾਂ ਅਨੁਸਾਰ ਉਨ੍ਹਾਂ ਨੂੰ ਲੱਗਿਆ ਕਿ ਹਮਲਾਵਰ ਚਲਾ ਗਿਆ ਹੈ ਪਰ ਉਸ ਨੇ ਫਿਰੋਜ਼ਪੁਰ ਰੋਡ ’ਤੇ ਨਾਨਕਸਰ ਗੁਰਦੁਆਰੇ ਨੇੜੇ ਉਨ੍ਹਾਂ ਦੀ ਕਾਰ ਦੇ ਪਿਛਲੇ ਹਿੱਸੇ ’ਤੇ ਮੁੜ ਗੋਲੀਆਂ ਚਲਾ ਦਿੱਤੀਆਂ। ਹਮਲਾਵਰ ਮਲਹਾਰ ਰੋਡ ਤੱਕ ਉਨ੍ਹਾਂ ਦਾ ਪਿੱਛਾ ਕਰਦਾ ਰਿਹਾ। ਜੋੜਾ ਕਿਸੇ ਤਰ੍ਹਾਂ ਸੁਰੱਖਿਅਤ ਘਰ ਪਹੁੰਚਣ ਵਿੱਚ ਸਫ਼ਲ ਰਿਹਾ।
ਉਨ੍ਹਾਂ ਨੇ ਦੱਸਿਆ ਕਿ ਘਟਨਾ ਮਗਰੋਂ ਉਨ੍ਹਾਂ ਨੇ ਪੁਲੀਸ ਦੇ ਐਮਰਜੈਂਸੀ ਨੰਬਰ 112 ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਫੋਨ ਨਹੀਂ ਲੱਗਿਆ। ਬਾਅਦ ਵਿੱਚ ਉਨ੍ਹਾਂ ਨੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨਾਲ ਗੱਲ ਕੀਤੀ, ਜਿਨ੍ਹਾਂ ਦੇ ਨਿਰਦੇਸ਼ਾਂ ’ਤੇ ਪੁਲੀਸ ਟੀਮ ਮੌਕੇ ’ਤੇ ਪਹੁੰਚੀ।
ਜੋੜੇ ਵੱਲੋਂ ਪੀਏਯੂ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲੀਸ ਵੱਲੋਂ ਸੇਫ ਸਿਟੀ ਪ੍ਰਾਜੈਕਟ ਤਹਿਤ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰ ਦੀ ਪਛਾਣ ਕੀਤੀ ਜਾ ਸਕੇ। ਨਵਨੀਤ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਵੀ ਵਿਦੇਸ਼ੀ ਨੰਬਰਾਂ ਤੋਂ ਧਮਕੀ ਭਰੇ ਫੋਨ ਆਉਂਦੇ ਰਹੇ ਹਨ। ਉਨ੍ਹਾਂ ਹਮਲਾਵਰ ਦੀ ਗ੍ਰਿਫ਼ਤਾਰੀ ਅਤੇ ਹਮਲੇ ਦੇ ਕਾਰਨਾਂ ਦੀ ਜਾਂਚ ਦੀ ਮੰਗ ਕੀਤੀ ਹੈ।
