ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ
9 ਨਵੰਬਰ (ਜਸਵੰਤ ਸਿੰਘ ਜੱਸ) - ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਹ 25 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ। ਕਥਾ ਸਮਾਪਤੀ ਉਪਰੰਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪਿਛਲੇ 16 ਦਿਨਾਂ ਤੋਂ ਸ੍ਰੀ ਮੰਜੀ ਸਾਹਿਬ ਵਿਖੇ ਗੁਰਬਾਣੀ ਕਥਾ ਦੀ ਸੇਵਾ ਨਿਭਾਅ ਰਹੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖ਼ਸ਼ਸ਼ਿ ਸਦਕਾ ਉਨ੍ਹਾਂ ਗੁਰਬਾਣੀ ਅਤੇ ਗੁਰ-ਇਤਿਹਾਸ ਦੀ ਵਿਚਾਰ ਸੰਗਤਾਂ ਤੱਕ ਪਹੁੰਚਾਉਣ ਦੀ ਵੱਡਮੁੱਲੀ ਸੇਵਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਤੋਂ ਗਿਆਨੀ ਸੰਤ ਸਿੰਘ ਜੀ ਮਸਕੀਨ ਨੇ ਲੰਮਾ ਸਮਾਂ ਕਥਾ ਵਿਚਾਰ ਦੀ ਸੇਵਾ ਨਿਭਾਈ ਅਤੇ ਹੁਣ ਭਾਈ ਪਿੰਦਰਪਾਲ ਸਿੰਘ ਜੀ ਵੱਲੋਂ ਨਿਰੰਤਰ ਇਸ ਪਰੰਪਰਾ ਨੂੰ ਅੱਗੇ ਵਧਾਉਣਾ ਸਮੁੱਚੇ ਪੰਥ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਮਾਣ ਦੀ ਗੱਲ ਹੈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਬਾਣੀ ਦੀ ਵਿਚਾਰ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਸਮਾਜ ਨੂੰ ਬੁਰਾਈਆਂ ਤੋਂ ਬਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਉਪਦੇਸ਼ ਹਰ ਹਿਰਦੇ ਤੱਕ ਸਹਿਜ ਤੇ ਸਰਲ ਢੰਗ ਨਾਲ ਪਹੁੰਚਾਉਣ ਵਾਲੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਵਰਗੇ ਗੁਰਮੁੱਖ ਵਿਦਵਾਨਾਂ ਦਾ ਪੰਥ ਅੰਦਰ ਵਿਸ਼ੇਸ਼ ਸਥਾਨ ਹੈ।
