6 ਮਹੀਨਿਆਂ ‘ਚ ਵਿਦੇਸ਼ਾਂ ਤੋਂ 17 ਗੈਂਗਸਟਰ ਡਿਪੋਰਟ, ਮਾਨ ਸਰਕਾਰ ਨੇ ਦੁਹਰਾਇਆ ਪੰਜਾਬ ਨੂੰ ਅਪਰਾਧ-ਮੁਕਤ ਬਣਾਉਣ ਦਾ ਟੀਚਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਰੜੀ ਚਿਤਾਵਨੀ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਉਹ ਦੁਨੀਆ ਦੇ ਕਿਸੇ ਵੀ ਖਿੱਤੇ ਵਿੱਚ ਭੱਜ ਜਾਣ ਜਾਂ ਲੁਕ ਜਾਣ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਨਸਾਫ਼ ਦੇ ਸਾਹਮਣੇ ਲਿਆਂਦਾ ਜਾਵੇਗਾ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਵਿੱਚ ਚੱਲ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ ਹੁਣ ਤੱਕ 1.61 ਲੱਖ ਤੋਂ ਵੱਧ ਛਾਪੇਮਾਰੀਆਂ ਕੀਤੀਆਂ ਹਨ ਅਤੇ 2,162 ਭਗੌੜਿਆਂ ਨੂੰ ਸਲਾਖ਼ਾਂ ਪਿੱਛੇ ਪਹੁੰਚਾਇਆ ਹੈ। ਇਸ ਮੁਹਿੰਮ ਦੀ ਸਭ ਤੋਂ ਤਾਜ਼ਾ ਅਤੇ ਵੱਡੀ ਕਾਮਯਾਬੀ ਇਥੋਪੀਆ ਤੋਂ 5 ਲੱਖ ਰੁਪਏ ਦੇ ਇਨਾਮੀ ਅਤੇ 30 ਤੋਂ ਵੱਧ ਸੰਗੀਨ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਨੂੰ ਡਿਪੋਰਟ ਕਰਵਾ ਕੇ ਭਾਰਤ ਲਿਆਉਣਾ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਇੱਕ ਬੇਮਿਸਾਲ ਅਤੇ ਇਤਿਹਾਸਕ ਮੁਹਿੰਮ ਵਿੱਢੀ ਹੋਈ ਹੈ। ਪੰਜਾਬ ਪੁਲਿਸ ਨੇ ਉਨ੍ਹਾਂ ਭਗੌੜਿਆਂ ਦਾ ਸੁਰਾਗ ਲਗਾ ਕੇ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜੋ ਕਾਨੂੰਨ ਤੋਂ ਬਚਣ ਲਈ ਵਿਦੇਸ਼ੀ ਧਰਤੀ ‘ਤੇ ਜਾ ਲੁਕੇ ਸਨ। 20 ਜਨਵਰੀ ਤੋਂ 7 ਨਵੰਬਰ 2026 ਦਰਮਿਆਨ ਪੰਜਾਬ ਪੁਲਿਸ ਵੱਲੋਂ 1,61,266 ਛਾਪੇ ਮਾਰੇ ਗਏ ਅਤੇ ਲਗਭਗ 2,162 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਸਰਕਾਰ ਦੇ ਸੱਤਾ ਸੰਭਾਲਦਿਆਂ ਹੀ ਗੈਂਗਸਟਰ ਵਿਰੋਧੀ ਠੋਸ ਨੀਤੀ ਅਮਲ ਵਿੱਚ ਲਿਆਂਦੀ ਗਈ ਸੀ। ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਅਪਰਾਧੀਆਂ ਖ਼ਿਲਾਫ਼ ਬਿਨਾਂ ਕਿਸੇ ਲਿਹਾਜ਼ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਚਾਹੇ ਉਹ ਕਿਸੇ ਵੀ ਦੇਸ਼ ਵਿੱਚ ਬੈਠ ਕੇ ਕਾਰਵਾਈਆਂ ਨੂੰ ਅੰਜਾਮ ਦੇ ਰਹੇ ਹੋਣ।
ਹਰਪਾਲ ਸਿੰਘ ਚੀਮਾ ਨੇ ਪੁਲਿਸ ਕਾਰਵਾਈਆਂ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵੱਖ-ਵੱਖ ਦੇਸ਼ਾਂ ਵਿੱਚੋਂ ਕਈ ਖ਼ਤਰਨਾਕ ਗੈਂਗਸਟਰਾਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਸਫ਼ਲਤਾਪੂਰਵਕ ਭਾਰਤ ਵਾਪਸ ਲਿਆਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਹਾਂਗਕਾਂਗ ਤੋਂ ਰਮਨਜੀਤ ਸਿੰਘ ਰੋਮੀ, ਜਰਮਨੀ ਤੋਂ ਪ੍ਰਭਪ੍ਰੀਤ ਸਿੰਘ, ਯੂ.ਏ.ਈ. ਤੋਂ ਪਰਮਿੰਦਰ ਸਿੰਘ ਪਿੰਡੀ, ਇੰਡੋਨੇਸ਼ੀਆ ਤੋਂ ਸੱਜਣ ਮਹੇਸ਼ ਅਤੇ ਸੁਖਦੇਵ ਕੁਮਾਰ ਮਨੀਸ਼ ਬੈਦੀ, ਪਵਨਦੀਪ ਸਿੰਘ ਤੇ ਜਸਪ੍ਰੀਤ ਸਿੰਘ ਅਤੇ ਕੈਨੇਡਾ ਤੋਂ ਕਰਮਬੀਰ ਸਿੰਘ ਦਿਓਲ ਨੂੰ ਡਿਪੋਰਟ ਕਰਵਾਇਆ ਗਿਆ ਹੈ। ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਾਰੇ ਆਪਰੇਸ਼ਨ ਸਾਬਤ ਕਰਦੇ ਹਨ ਕਿ ਸਾਡੀ ਪੁਲਿਸ ਫ਼ੋਰਸ ਭੂਗੋਲਿਕ ਸੀਮਾਵਾਂ ਤੋਂ ਪਾਰ ਜਾ ਕੇ ਵੀ ਅਪਰਾਧੀਆਂ ਦੀ ਪੈੜ ਨੱਪਣ ਦਾ ਪੱਕਾ ਇਰਾਦਾ ਅਤੇ ਸਮਰੱਥਾ ਰੱਖਦੀ ਹੈ।
ਪੰਜਾਬ ਪੁਲਿਸ ਨੂੰ 7 ਨਵੰਬਰ 2026 ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਜਦੋਂ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਨੂੰ ਇਥੋਪੀਆ ਤੋਂ ਸਫ਼ਲਤਾਪੂਰਵਕ ਡਿਪੋਰਟ ਕਰਵਾਇਆ ਗਿਆ। ਅਫ਼ਰੀਦੀ ਇੱਕ ਸੰਗਠਿਤ ਗੈਂਗ ਦਾ ਸਰਗਨਾ ਸੀ ਅਤੇ ਉਸ ਖ਼ਿਲਾਫ਼ 30 ਤੋਂ ਵੱਧ ਗੰਭੀਰ ਮੁਕੱਦਮੇ ਦਰਜ ਹਨ। ਉਸ ਦੇ ਸਿਰ ‘ਤੇ 5 ਲੱਖ ਰੁਪਏ ਦਾ ਨਕਦ ਇਨਾਮ ਐਲਾਨਿਆ ਹੋਇਆ ਸੀ। ਉਸ ਨੇ ਉੱਤਰ ਪ੍ਰਦੇਸ਼ ਤੋਂ ਜਾਅਲੀ ਪਾਸਪੋਰਟ ਬਣਵਾਇਆ ਸੀ, ਜਿਸ ਤੋਂ ਬਾਅਦ ਉਹ ਪਹਿਲਾਂ ਯੂ.ਏ.ਈ. ਅਤੇ ਫਿਰ ਇਥੋਪੀਆ ਭੱਜ ਗਿਆ ਸੀ। ਪੰਜਾਬ ਪੁਲਿਸ ਨੇ ਸੁਚੱਜੀ ਕਾਰਵਾਈ ਸਦਕਾ ਉਸ ਦੀ ਡਿਪੋਰਟੇਸ਼ਨ ਯਕੀਨੀ ਬਣਾਈ ਅਤੇ ਉਸ ਨੂੰ ਕਾਨੂੰਨ ਦੇ ਸਾਹਮਣੇ ਪੇਸ਼ ਕਰਨ ਲਈ ਭਾਰਤ ਵਾਪਸ ਲਿਆਂਦਾ।
ਹਰਪਾਲ ਸਿੰਘ ਚੀਮਾ ਨੇ ਖ਼ੁਲਾਸਾ ਕੀਤਾ ਕਿ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਪੰਜਾਬ ਵਿੱਚ ਦਰਜ ਕਈ ਸੰਗੀਨ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ, ਜਿਨ੍ਹਾਂ ਵਿੱਚ ਸਰਪੰਚ ਰਾਜਵਿੰਦਰ ਸਿੰਘ, 12 ਸਾਲਾ ਮਾਸੂਮ ਬੱਚੇ ਗੁਰਸੇਵਕ ਸਿੰਘ, ਜਸਵੰਤ ਸਿੰਘ ਅਤੇ ਕਾਂਗਰਸ ਬਲਾਕ ਪ੍ਰਧਾਨ ਗੁਰਮੇਲ ਸਿੰਘ ਦੇ ਕਤਲ ਸ਼ਾਮਲ ਹਨ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਅਜਿਹੇ ਵਹਿਸ਼ੀ ਅਪਰਾਧਾਂ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ।
ਪ੍ਰੈੱਸ ਕਾਨਫ਼ਰੰਸ ਦੌਰਾਨ ਚੀਮਾ ਨੇ ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਹਮਲਾ ਬੋਲਦਿਆਂ ਸਵਾਲ ਚੁੱਕਿਆ ਕਿ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਵਰਗੇ ਖ਼ਤਰਨਾਕ ਗੈਂਗਸਟਰ ਨੇ ਭਾਜਪਾ ਸ਼ਾਸਿਤ ਸੂਬੇ ਉੱਤਰ ਪ੍ਰਦੇਸ਼ ਵਿੱਚੋਂ ਜਾਅਲੀ ਪਾਸਪੋਰਟ ਕਿਵੇਂ ਹਾਸਲ ਕਰ ਲਿਆ? ਭਾਜਪਾ ਨੂੰ ਇਸ ਗੱਲ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਅਜਿਹੇ ਅਪਰਾਧੀ ਉਨ੍ਹਾਂ ਸੂਬਿਆਂ ਵਿੱਚੋਂ ਕਿਵੇਂ ਸਰਗਰਮ ਹਨ ਜਿੱਥੇ ਉਸ ਦੀਆਂ ਸਰਕਾਰਾਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵੱਲੋਂ ਵਿਰੋਧੀ ਧਿਰਾਂ ਦੇ ਸ਼ਾਸਨ ਵਾਲੇ ਰਾਜਾਂ ਵਿੱਚ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਢਾਹ ਲਾਉਣ ਲਈ ਗੈਂਗਸਟਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਾਮਲੇ ‘ਤੇ ਵੀ ਗੰਭੀਰ ਸਵਾਲ ਖੜ੍ਹੇ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦਿੱਤੀ ਜਾ ਰਹੀ ਹੈ ਅਤੇ ਵਿਰੋਧੀ ਧਿਰਾਂ ਦੇ ਸ਼ਾਸਨ ਵਾਲੇ ਸੂਬਿਆਂ ਵਿੱਚ ਸਿਆਸੀ ਵਿਰੋਧੀਆਂ ਨੂੰ ਡਰਾਉਣ-ਧਮਕਾਉਣ ਲਈ ਜੇਲ੍ਹਾਂ ਵਿੱਚੋਂ ਫ਼ੋਨ ਕਾਲਾਂ ਕਰਵਾਈਆਂ ਜਾ ਰਹੀਆਂ ਹਨ। ਭਾਜਪਾ ਵੱਲੋਂ ਅਜਿਹੇ ਅਨਸਰਾਂ ਨੂੰ ਸ਼ਹਿ ਦੇਣਾ ਲੋਕਤੰਤਰੀ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਅਸਥਿਰ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੀ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਹੈ।
ਅਖ਼ੀਰ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਇਨ੍ਹਾਂ ਸਾਰੇ ਅਪਰਾਧੀਆਂ ਖ਼ਿਲਾਫ਼ ਅਦਾਲਤ ਵਿੱਚ ਠੋਸ ਅਤੇ ਅਕੱਟ ਸਬੂਤ ਪੇਸ਼ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਉਨ੍ਹਾਂ ਨੂੰ ਸਹੀ ਸਜ਼ਾ ਮਿਲੇ। ਸਾਡਾ ਮਕਸਦ ਬਿਲਕੁਲ ਸਾਫ਼ ਹੈ: ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਨੂੰ ਵੀ ਪੰਜਾਬ ਦੀ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦੇਵੇਗੀ।
