ਲੁਧਿਆਣਾ ‘ਚ ਤਿੰਨ ਮੰਜ਼ਿਲਾ ਹੌਜ਼ਰੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ ਮੌਕੇ ‘ਤੇ ਪਹੁੰਚੀਆਂ

ਲੁਧਿਆਣਾ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਦੀ ਚਿੰਗਾਰੀ ਕਾਰਨ ਤਿੰਨ ਮੰਜ਼ਿਲਾ ਹੌਜ਼ਰੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਨੇ ਦੇਖਦੇ ਹੀ ਦੇਖਦੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 20 ਤੋਂ 22 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਰੀਬ 3 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।
ਲੁਧਿਆਣਾ ਵਿੱਚ ਤਿੰਨ ਮੰਜ਼ਿਲਾ ਹੌਜ਼ਰੀ ਫੈਕਟਰੀ ਵਿੱਚ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਕਰੀਬ 3 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਰਾਹਤ ਦੀ ਗੱਲ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੌਕੇ ‘ਤੇ ਮੌਜੂਦ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਅੱਗ ਕਿਸੇ ਪਟਾਕੇ ਕਾਰਨ ਲੱਗੀ। ਪਟਾਕੇ ਦੀ ਚਿੰਗਾਰੀ ਫੈਕਟਰੀ ਦੇ ਅੰਦਰ ਜਾ ਡਿੱਗੀ ਅਤੇ ਉੱਥੇ ਰੱਖੇ ਜਲਣਸ਼ੀਲ ਕੱਚੇ ਮਾਲ ਨੇ ਪਲਾਂ ਵਿੱਚ ਹੀ ਅੱਗ ਨੂੰ ਭਿਆਨਕ ਰੂਪ ਦੇ ਦਿੱਤਾ।
ਜਾਣਕਾਰੀ ਮੁਤਾਬਕ, ਰਾਹੋਂ ਰੋਡ ‘ਤੇ ਸ਼ਨੀ ਦੇਵ ਮੰਦਰ ਵਾਲੀ ਗਲੀ ਵਿੱਚ ਸਥਿਤ ਬਬਮ ਹੌਜ਼ਰੀ ਦੀ ਤਿੰਨ ਮੰਜ਼ਿਲਾ ਇਮਾਰਤ ਵਿੱਚ ਸੋਮਵਾਰ ਰਾਤ ਅੱਗ ਲੱਗ ਗਈ। ਫੈਕਟਰੀ ਦੇ ਅੰਦਰ ਸਕੂਲ ਯੂਨੀਫਾਰਮ ਅਤੇ ਵੱਡੀ ਮਾਤਰਾ ਵਿੱਚ ਕੱਪੜਾ ਰੱਖਿਆ ਹੋਇਆ ਸੀ, ਜਿਸ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ।
ਰਿਹਾਇਸ਼ੀ ਅਤੇ ਤੰਗ ਇਲਾਕਾ ਹੋਣ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਨੂੰ ਡਰ ਸੀ ਕਿ ਕਿਤੇ ਅੱਗ ਉਨ੍ਹਾਂ ਦੇ ਘਰਾਂ ਤੱਕ ਨਾ ਪਹੁੰਚ ਜਾਵੇ। ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀਆਂ 20 ਤੋਂ 22 ਗੱਡੀਆਂ ਮੌਕੇ ‘ਤੇ ਪਹੁੰਚੀਆਂ।
ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਚਾਰੇ ਪਾਸਿਓਂ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਲਗਾਤਾਰ ਕਰੀਬ 3 ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਇਸ ਭਿਆਨਕ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ। ਸਮੇਂ ਸਿਰ ਅੱਗ ‘ਤੇ ਕਾਬੂ ਪਾਉਣ ਕਾਰਨ ਆਸ-ਪਾਸ ਦੀਆਂ ਇਮਾਰਤਾਂ ਸੁਰੱਖਿਅਤ ਬਚ ਗਈਆਂ।
ਹਾਲਾਂਕਿ, ਹੌਜ਼ਰੀ ਫੈਕਟਰੀ ਦੇ ਅੰਦਰ ਰੱਖਿਆ ਲੱਖਾਂ ਰੁਪਏ ਦਾ ਸਾਮਾਨ ਅਤੇ ਮਸ਼ੀਨਰੀ ਸੜ ਕੇ ਸੁਆਹ ਹੋਣ ਦਾ ਖਦਸ਼ਾ ਹੈ। ਪੁਲਿਸ ਅਤੇ ਪ੍ਰਸ਼ਾਸਨ ਹੁਣ ਅੱਗ ਲੱਗਣ ਦੇ ਅਸਲ ਕਾਰਨਾਂ ਅਤੇ ਹੋਏ ਨੁਕਸਾਨ ਦਾ ਮੁਲਾਂਕਣ ਕਰ ਰਹੇ ਹਨ।
