ਜ਼ਮੀਨੀ ਘੁਟਾਲੇ ’ਚ ਈ ਡੀ ਵੱਲੋਂ ਮੋਗਾ ਦੀ ‘ਆਪ’ ਵਿਧਾਇਕਾ ਅਮਨਦੀਪ ਕੌਰ ਅਰੋੜਾ ਤਲਬ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਜ਼ਮੀਨੀ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਸੂਤਰਾਂ ਅਨੁਸਾਰ ਵਿਧਾਇਕਾ ਨੂੰ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਏਜੰਸੀ ਦੇ ਜ਼ੋਨਲ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਏਜੰਸੀ ਨੇ ਜਾਂਚ ਅਧੀਨ ਜਾਇਦਾਦਾਂ ਬਾਰੇ ਹੋਰ ਜਾਣਕਾਰੀ ਅਤੇ ਦਸਤਾਵੇਜ਼ ਮੰਗੇ ਹਨ। ਵਿਧਾਇਕਾ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੇਸ਼ੀ ਦੌਰਾਨ ਇਨ੍ਹਾਂ ਜਾਇਦਾਦਾਂ ਨਾਲ ਸਬੰਧਤ ਸਾਰੇ ਰਿਕਾਰਡ ਵੀ ਨਾਲ ਲੈ ਕੇ ਆਉਣ।
ਈ ਡੀ ਨੇ ਪਹਿਲਾਂ ਦੋਸ਼ ਲਾਇਆ ਸੀ ਕਿ ਕੌਮੀ ਸ਼ਾਹਰਾਹ ਲਈ ਐਕੁਆਇਰ ਜ਼ਮੀਨ ਦਾ 1.01 ਕਰੋੜ ਰੁਪਏ ਦਾ ਸਰਕਾਰੀ ਮੁਆਵਜ਼ਾ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰ ਕੇ ਹਾਸਲ ਕੀਤਾ ਗਿਆ। ਮੁਹਾਲੀ ਦੀ ਫੋਰੈਂਸਿਕ ਲੈਬ ਵਿੱਚ ਇੰਤਕਾਲ ’ਤੇ ਜਾਅਲੀ ਦਸਤਖ਼ਤਾਂ ਦੀ ਪੁਸ਼ਟੀ ਹੋਈ ਹੈ। ਇਹ ਰਾਸ਼ੀ ਦਿਲਖੁਸ਼ ਕੁਮਾਰੀ ਦੇ ਖਾਤੇ ਵਿੱਚ ਜਮ੍ਹਾਂ ਹੋਈ ਸੀ, ਜੋ ਬਾਅਦ ਵਿੱਚ ਜਾਮ ਕਰ ਦਿੱਤਾ ਗਿਆ।
ਈ.ਡੀ. ਦੀ ਜਾਂਚ ਵਿੱਚ ਕਥਿਤ ਤੌਰ ’ਤੇ ਕੇਂਦਰ, ਪੰਜਾਬ ਸਰਕਾਰ ਤੇ ਨਗਰ ਨਿਗਮ ਦੀਆਂ ਜਾਇਦਾਦਾਂ ਦੀ ਵੀ ਧੋਖਾਧੜੀ ਨਾਲ ਮਾਲਕੀ ਤਬਦੀਲ ਕਰਨ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਜ਼ੀਰਾ ਰੋਡ ’ਤੇ ਕੇਂਦਰ ਸਰਕਾਰ ਦੀ 13 ਮਰਲੇ ਜ਼ਮੀਨ, ਸਿਵਲ ਲਾਈਨਜ਼ ਵਿਖੇ ਪੰਜਾਬ ਸਰਕਾਰ ਦੀ 7 ਮਰਲੇ ਜ਼ਮੀਨ, ਰੇਲਵੇ ਰੋਡ ’ਤੇ ਮਾਰਕੀਟ ਕਮੇਟੀ ਦੀ 6 ਮਰਲੇ ਜ਼ਮੀਨ ਅਤੇ ਮੋਗਾ ਦੇ ਮਹਿਲਾ ਸਿੰਘ-3 ਇਲਾਕੇ ਵਿੱਚ ਨਗਰ ਨਿਗਮ ਦੀ 3 ਕਨਾਲ 16 ਮਰਲੇ ਜ਼ਮੀਨ ਸ਼ਾਮਲ ਦੱਸੀ ਗਈ ਹੈ।
ਇਸ ਤੋਂ ਇਲਾਵਾ ਯੂਨਾਈਟਿਡ ਚਰਚ ਆਫ਼ ਨਾਰਦਰਨ ਇੰਡੀਆ ਟਰੱਸਟ ਐਸੋਸੀਏਸ਼ਨ ਦੀ 52 ਮਰਲੇ 8 ਸਰਸਾਹੀ ਜ਼ਮੀਨ ਦੇ ਕਥਿਤ ਧੋਖਾਧੜੀ ਵਾਲੇ ਤਬਾਦਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਈ.ਡੀ. ਨੂੰ ਸ਼ੱਕ ਹੈ ਕਿ ਮਾਲ ਰਿਕਾਰਡ ਵਿੱਚ ਕਥਿਤ ਹੇਰਾਫੇਰੀ ਅਤੇ ਜਾਅਲੀ ਦਸਤਾਵੇਜ਼ਾਂ ਰਾਹੀਂ ਇਹ ਜਾਇਦਾਦਾਂ ਵਿਧਾਇਕ ਦੇ ਰਿਸ਼ਤੇਦਾਰਾਂ ਅਤੇ ਹੋਰ ਸਬੰਧਤ ਵਿਅਕਤੀਆਂ ਦੇ ਨਾਂ ’ਤੇ ਹਾਸਲ ਜਾਂ ਤਬਦੀਲ ਕੀਤੀਆਂ ਗਈਆਂ। ਦੂਜੇ ਪਾਸੇ ਵਿਧਾਇਕਾ ਦਾਅਵਾ ਕਰ ਚੁੱਕੀ ਹੈ ਕਿ ਈ.ਡੀ. ਨੂੰ ਕੁਝ ਨਹੀਂ ਮਿਲਿਆ ਅਤੇ ਭਾਜਪਾ ’ਚ ਸ਼ਾਮਲ ਹੋਣ ਲਈ ਦਬਾਅ ਬਣਾਇਆ ਜਾ ਰਿਹਾ ਹੈ।
ਵਿਧਾਇਕਾ ਨੂੰ ਸੰਮਨ ਜਾਰੀ ਕਰਨ ਦੀ ਇਹ ਕਾਰਵਾਈ ਈਡੀ ਵੱਲੋਂ ਸੱਤ ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਲਗਾਤਾਰ 36 ਘੰਟਿਆਂ ਦੀ ਛਾਪੇਮਾਰੀ ਤੋਂ ਕੁਝ ਦਿਨਾਂ ਬਾਅਦ ਹੋਈ ਹੈ। ਇਨ੍ਹਾਂ ਥਾਵਾਂ ਵਿੱਚ ਮੋਗਾ ਸਥਿਤ ਵਿਧਾਇਕਾ ਦੀ ਰਿਹਾਇਸ਼, ‘ਆਈਕਾਨ ਹਾਈਟਸ’ ਵਿੱਚ ਸਥਿਤ ਇੱਕ ਫਲੈਟ ਅਤੇ ਉਨ੍ਹਾਂ ਦੇ ਪਤੀ ਡਾ. ਰਾਕੇਸ਼ ਅਰੋੜਾ ਨਾਲ ਸਬੰਧਤ ਜਾਇਦਾਦਾਂ ਸ਼ਾਮਲ ਸਨ। ਇਸ ਤੋਂ ਇਲਾਵਾ ਪਰਿਵਾਰ ਦੇ ਹੋਰ ਮੈਂਬਰਾਂ ਅਤੇ ਕਰੀਬੀ ਸਾਥੀਆਂ ਨਾਲ ਜੁੜੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਗਈ ਸੀ।
ਈਡੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਕਈ ਅਹਿਮ ਦਸਤਾਵੇਜ਼ ਬਰਾਮਦ ਹੋਏ ਸਨ। ਇਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਅਤੇ ਘੋਖ ਕਰਨ ਤੋਂ ਬਾਅਦ ਹੁਣ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਏਜੰਸੀ ਵੱਲੋਂ ਮਾਮਲੇ ਨਾਲ ਜੁੜੇ ਦਸਤਾਵੇਜ਼ਾਂ ਅਤੇ ਜਾਇਦਾਦਾਂ ਦੀ ਜਾਂਚ ਜਾਰੀ ਹੈ।
