ਕਾਂਗਰਸ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਸੰਤ ਢੱਡਰੀਆਂ ਵਾਲਿਆਂ ਨਾਲ ਮੁਲਾਕਾਤ, ਗੁਰਦੁਆਰਾ ਪਰਮੇਸ਼ਵਰ ਦੁਆਰ ਸਾਹਿਬ ਵਿਖੇ ਹੋਏ ਨਤਮਸਤਕ

ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਦੋਵਾਂ ਸੀਨੀਅਰ ਆਗੂਆਂ ਨੇ ਪ੍ਰਸਿੱਧ ਸਿੱਖ ਪ੍ਰਚਾਰਕ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਸੰਤ ਢੱਡਰੀਆਂ ਵਾਲਿਆਂ ਵੱਲੋਂ ਦੋਵਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸੰਸਦ ਮੈਂਬਰ ਵਿਜੇ ਇੰਦਰ ਸਿੰਗਲਾ ਨੇ ਸ਼ਨੀਵਾਰ ਨੂੰ ਪਟਿਆਲਾ-ਸੰਗਰੂਰ ਰੋਡ ਸਥਿਤ ਗੁਰਦੁਆਰਾ ਪਰਮੇਸ਼ਵਰ ਦੁਆਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਦਿਆਂ ਸੂਬੇ ਦੀ ਤਰੱਕੀ, ਆਪਸੀ ਭਾਈਚਾਰਕ ਸਾਂਝ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਸਮਾਜਿਕ, ਧਾਰਮਿਕ ਅਤੇ ਨੌਜਵਾਨਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਹੋਇਆ। ਪੀ.ਪੀ.ਸੀ.ਸੀ. ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਗੁਰੂ ਘਰ ਆ ਕੇ ਮਨ ਨੂੰ ਬੇਹੱਦ ਸਕੂਨ ਮਿਲਦਾ ਹੈ ਅਤੇ ਸੰਤ ਮਹਾਂਪੁਰਸ਼ਾਂ ਦੇ ਵਿਚਾਰ ਸਮਾਜ ਨੂੰ ਸਹੀ ਸੇਧ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਾਬਕਾ ਸੰਸਦ ਮੈਂਬਰ ਵਿਜੇ ਇੰਦਰ ਸਿੰਗਲਾ ਨੇ ਵੀ ਕਿਹਾ ਕਿ ਸਮਾਜ ਵਿੱਚ ਨਸ਼ਿਆਂ ਦੇ ਖਾਤਮੇ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਧਾਰਮਿਕ ਸ਼ਖ਼ਸੀਅਤਾਂ ਦਾ ਯੋਗਦਾਨ ਬੇਹੱਦ ਸ਼ਲਾਘਾਯੋਗ ਹੈ।
