ਪੰਜਾਬ ‘ਚ ਅਚਾਨਕ ਬਦਲਿਆ ਮੌਸਮ ਦਾ ਮਿਜ਼ਾਜ, ਝੋਨੇ ਦੀ ਕਟਾਈ ਦੇ ਸੀਜ਼ਨ ‘ਚ ਕਿਸਾਨਾਂ ਦੀ ਵਧੀ ਚਿੰਤਾ; ਆਉਣ ਵਾਲੇ ਦਿਨਾਂ ‘ਚ ਵੀ ਬਾਰਿਸ਼ ਦੀ ਸੰਭਾਵਨਾ

ਅਚਾਨਕ ਬਦਲੇ ਮੌਸਮ ਕਾਰਨ ਮੰਡੀਆਂ 'ਚ ਪਹੁੰਚੀ ਝੋਨੇ ਦੀ ਫਸਲ ਦੇ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ। ਇਸ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧ ਗਈਆਂ ਹਨ ਤੇ ਉਨ੍ਹਾਂ ਨੂੰ ਫਸਲ ਦੀ ਕਟਾਈ ਤੇ ਸੰਭਾਲ ਨੂੰ ਲੈ ਕੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪੰਜਾਬ ‘ਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਹੁਸ਼ਿਆਰਪੁਰ ਦੇ ਦਸੂਹਾ ਤੇ ਮੁਕੇਰੀਆਂ ਇਲਾਕੇ ‘ਚ ਤੇਜ਼ ਬਾਰਿਸ਼ ਦੇ ਨਾਲ ਗੜ੍ਹੇਮਾਰੀ ਹੋਈ। ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਹੋਈ ਇਸ ਅਚਾਨਕ ਬਾਰਿਸ਼ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।
ਅਚਾਨਕ ਬਦਲੇ ਮੌਸਮ ਕਾਰਨ ਮੰਡੀਆਂ ‘ਚ ਪਹੁੰਚੀ ਝੋਨੇ ਦੀ ਫਸਲ ਦੇ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ। ਇਸ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧ ਗਈਆਂ ਹਨ ਤੇ ਉਨ੍ਹਾਂ ਨੂੰ ਫਸਲ ਦੀ ਕਟਾਈ ਤੇ ਸੰਭਾਲ ਨੂੰ ਲੈ ਕੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਚਿੰਤਾ ਵਾਜ਼ਬ ਵੀ ਹੈ, ਕਿਉਂਕਿ ਪੰਜਾਬ ‘ਚ ਅੱਜ ਤੇ ਅਗਲੇ ਦੋ ਦਿਨਾਂ ਲਈ ਮੌਸਮ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ ਤੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ ਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ, ਇਹ ਅਪਡੇਟ 6 ਅਕਤੂਬਰ ਦੀ ਜਾਰੀ ਰਿਪੋਰਟ ਦੇ ਮੁਤਾਬਕ ਹੈ, ਤਾਜ਼ਾ ਜਾਣਕਾਰੀ ਮੌਸਮ ਵਿਭਾਗ ਦੇ ਅਧਿਕਾਰਤ ਵੈੱਬਸਾਈਟ ਜਾਂ ਸੋਸ਼ਲ ਮੀਡੀਆ ਅਕਾਊਂਟ ਤੋਂ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ।
ਝੋਨੇ ਦੀ ਕਟਾਈ ਤੇ ਮੰਡੀਆਂ ‘ਚ ਫਸਲ ਦੀ ਆਮਦ ਦੇ ਸਮੇਂ ਮੌਸਮ ‘ਚ ਆਈ ਤਬਦੀਲੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਕਿਸਾਨਾਂ ਨੂੰ ਡਰ ਹੈ ਕਿ ਜੇਕਰ ਬਾਰਿਸ਼ ਅਤੇ ਗੜ੍ਹੇਮਾਰੀ ਦਾ ਦੌਰ ਜਾਰੀ ਰਿਹਾ ਤਾਂ ਖੇਤਾਂ ‘ਚ ਖੜ੍ਹੀ ਤੇ ਮੰਡੀਆਂ ‘ਚ ਪਈ ਫਸਲ ਨੂੰ ਨੁਕਸਾਨ ਹੋ ਸਕਦਾ ਹੈ।
ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਮੁਤਾਬਕ ਪੰਜਾਬ ਦੇ 12 ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ‘ਚ ਇੱਕ-ਦੁੱਕਾ ਥਾਵਾਂ ਤੇ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ‘ਚ ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦਾ ਵੀ ਅਨੁਮਾਨ ਹੈ।
8 ਅਕਤੂਬਰ ਨੂੰ 13 ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਗਰਜ-ਚਮਕ ਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
9 ਅਕਤੂਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਗਰਜ-ਚਮਕ ਤੇ ਤੇਜ਼ ਹਵਾਵਾਂ ਦਾ ਅਲਰਟ ਹੈ। ਇਸ ਦਿਨ ਜ਼ਿਆਦਾਤਰ ਜ਼ਿਲ੍ਹਿਆਂ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
10 ਅਕਤੂਬਰ ਨੂੰ ਕਿਸੇ ਵੀ ਜ਼ਿਲ੍ਹੇ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ, ਜ਼ਿਆਦਾਤਰ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
