ਬਿਜਲੀ ਸਪਲਾਈ ਤੋਂ ਖਫ਼ਾ ਕਈ ਪਿੰਡਾਂ ਦੇ ਕਿਸਾਨਾਂ ਵਲੋਂ ਅਮਰਗੜ੍ਹ ਗ੍ਰਿਡ ਅੱਗੇ ਧਰਨਾ
ਅਮਰਗੜ੍ਹ,(ਸੰਗਰੂਰ), 7 ਅਕਤੂਬਰ(ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਇਲਾਕੇ ਦੇ ਕਿਸਾਨਾਂ ਨੇ ਪਾਵਰਕਾਮ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਅਮਰਗੜ੍ਹ ਗ੍ਰਿਡ ਅੱਗੇ ਮਲੇਰਕੋਟਲਾ-ਪਟਿਆਲਾ ਹਾਈਵੇਅ ਜਾਮ ਕਰ ਦਿੱਤਾ।
ਇਸ ਮੌਕੇ ਕਿਸਾਨ ਆਗੂਆਂ ਮਨਜੀਤ ਸਿੰਘ ਬਾਗੜੀਆਂ, ਹਰਦੀਪ ਸਿੰਘ ਅਤੇ ਨਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਟਿਊਬਵੈਲਾਂ ਲਈ ਸਿਰਫ਼ 3-4 ਘੰਟੇ ਹੀ ਬਿਜਲੀ ਮਿਲ ਰਹੀ ਹੈ, ਉਹ ਵੀ ਵਾਰ-ਵਾਰ ਟ੍ਰਿਪਿੰਗ ਕਾਰਨ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਇਸ ਸਮੇਂ ਝੋਨੇ ਦੀ ਫ਼ਸਲ ਨੂੰ ਆਖ਼ਰੀ ਪਾਣੀ ਦੀ ਸਖ਼ਤ ਲੋੜ ਹੈ ਅਤੇ ਜੇਕਰ ਸਮੇਂ ਸਿਰ ਪਾਣੀ ਨਾ ਮਿਲਿਆ ਤਾਂ ਫ਼ਸਲ ਦਾ ਨੁਕਸਾਨ ਹੋਵੇਗਾ। ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਧਰਨਾ ਲਾਉਣ ਤੋਂ ਥੋੜ੍ਹੇ ਸਮੇਂ ਬਾਅਦ ਹੀ ਪੁੱਜੇ ਐਸ.ਐਚ.ਓ ਨਵਦੀਪ ਕੌਰ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕੀਤਾ। ਮੌਕੇ ’ਤੇ ਪਹੁੰਚੇ ਪਾਵਰਕਾਮ ਦੇ ਐੱਸ.ਡੀ.ਓ. ਗੁਰਜੀਤ ਸਿੰਘ ਨੇ ਕਿਸਾਨਾਂ ਨੂੰ ਬਿਜਲੀ ਸਪਲਾਈ ਬਹਾਲ ਕਰਨ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ ਕੀਤਾ।
