ਸਿਹਤ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਵਿਖੇ ਮਾਪੇ-ਅਧਿਆਪਕ ਮਿਲਣੀ ’ਚ ਕੀਤੀ ਸ਼ਿਰਕਤ

ਪਟਿਆਲਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਵਿਖੇ ਕਰਵਾਈ ਗਈ ਵਿਸ਼ਾਲ ਮਾਪੇ-ਅਧਿਆਪਕ ਮਿਲਣੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਵਾਤਾਵਰਣ ਦੀ ਸੰਭਾਲ ਅਤੇ ਸਿਹਤ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਦਿਆਰਥੀ ਅਤੇ ਮਾਪਿਆਂ ਨੂੰ ਪੋਲੀਥੀਨ ਦੀ ਵਰਤੋਂ ਘਟਾਉਣ ਅਤੇ ਇਸ ਦੀ ਥਾਂ ਵਾਤਾਵਰਣ ਪੱਖੀ ਜੂਟ ਦੇ ਬੈਗ ਵਰਤਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਅਜਿਹੀਆਂ ਚੰਗੀਆਂ ਆਦਤਾਂ ਬੱਚਿਆਂ ਵਿੱਚ ਵੀ ਵਿਕਸਿਤ ਕਰਨੀਆਂ ਚਾਹੀਦੀਆਂ ਹਨ।
ਇਸ ਮੌਕੇ ਸਿਹਤ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਲਈ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਉਨ੍ਹਾਂ ਨੂੰ ਸਿਹਤ ਸਬੰਧੀ ਜਾਂਚ ਅਤੇ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਇਸ ਉਪਰਾਲੇ ਦਾ ਮਕਸਦ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸੀ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜੋ ਪੰਜਾਬ ਦੇ ਸੁਨਹਿਰੇ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚੇ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦੇ ਸਾਂਝੇ ਯਤਨਾਂ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਟਲੀ, ਐਸ.ਐਮ.ਓ. ਡਾ. ਪਰਨੀਤ ਕੌਰ, ਸੰਦੀਪ ਜੈਨ, ਦਮਨਪ੍ਰੀਤ ਕੌਰ, ਭੁਪਿੰਦਰ ਸਿੰਘ, ਸੁਖਜੀਤ ਕੌਰ, ਅਮਰਜੀਤ ਸਿੰਘ ਵਾਲੀਆ, ਜਰਨੈਲ ਸਿੰਘ, ਗੁਰਮਿੰਦਰ ਕੌਰ, ਸਤਵਿੰਦਰ ਕੌਰ, ਮਨਦੀਪ ਕੌਰ, ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
