ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਦੇ ਬਠਿੰਡਾ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਕਈ ਅਹਿਮ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੇਂਦਰੀ ਜੇਲ੍ਹ ਬਠਿੰਡਾ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜੇਲ੍ਹ ਦੀ ਹਦੂਦ ਅਤੇ ਇਸ ਤੋਂ 500 ਮੀਟਰ ਦੇ ਘੇਰੇ ਵਿੱਚ ਡਰੋਨ ਕੈਮਰੇ ਉਡਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜੇਲ੍ਹ ਦੇ 500 ਮੀਟਰ ਦੇ ਘੇਰੇ ਵਿੱਚ ਮੁੱਖ ਸੜਕ ਨੂੰ ਛੱਡ ਕੇ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਘੁੰਮਣ-ਫਿਰਨ ’ਤੇ ਵੀ ਰੋਕ ਰਹੇਗੀ।
ਸ਼ਡਿਊਲ ਐਕਸ ਅਤੇ ਐਚ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ’ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਟ੍ਰੈਫਿਕ ਦੀ ਸਮੱਸਿਆ ਨੂੰ ਦੇਖਦਿਆਂ ਤੰਗ ਥਾਵਾਂ ’ਤੇ ਟਰੱਕ ਖੜ੍ਹੇ ਕਰਨ ਅਤੇ ਸਕੂਲਾਂ-ਕਾਲਜਾਂ ਦੇ ਬਾਹਰ ਵੱਡੇ ਚਾਰ ਪਹੀਆ ਵਾਹਨ ਪਾਰਕ ਕਰਨ ’ਤੇ ਵੀ ਮਨਾਹੀ ਹੋਵੇਗੀ।
ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਕੱਚੀਆਂ ਖੂਹੀਆਂ ਪੁੱਟਣ, ਮਿਲਟਰੀ ਰੰਗ ਦੀ ਵਰਦੀ ਅਤੇ ਓਲਿਵ ਗ੍ਰੀਨ ਰੰਗ ਦੀਆਂ ਜੀਪਾਂ ਤੇ ਹੋਰ ਵਾਹਨਾਂ ਦੀ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ। ਰੇਲਵੇ ਟਰੈਕਾਂ, ਨਹਿਰਾਂ, ਸੂਇਆਂ, ਪੁਲਾਂ ਅਤੇ ਤੇਲ ਦੀਆਂ ਪਾਈਪਲਾਈਨਾਂ ਦੇ ਨੇੜਲੇ ਪਿੰਡਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।
ਰੇਤ ਅਤੇ ਮਿੱਟੀ ਦੀ ਢੋਆ-ਢੁਆਈ ਕਰਨ ਵਾਲੀਆਂ ਟਰੈਕਟਰ-ਟਰਾਲੀਆਂ ਸਮੇਤ ਹੋਰ ਵਾਹਨਾਂ ਵਿੱਚ ਸਮੱਗਰੀ ਨੂੰ ਬਿਨਾਂ ਢੱਕੇ ਲਿਜਾਣ ’ਤੇ ਵੀ ਰੋਕ ਲਗਾਈ ਗਈ ਹੈ। ਇਸ ਦੇ ਨਾਲ ਹੀ ਪਾਣੀ ਦੀਆਂ ਟੈਂਕੀਆਂ ਅਤੇ ਹੋਰ ਉੱਚੀਆਂ ਥਾਵਾਂ ’ਤੇ ਚੜ੍ਹਨ ’ਤੇ ਪਾਬੰਦੀ ਹੈ। ਭਿਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ਼ ਦੇ ਘੇਰੇ ਵਿੱਚ ਪੁਲਸ ਵੈਰੀਫਿਕੇਸ਼ਨ ਤੋਂ ਬਿਨਾਂ ਦੁਕਾਨਾਂ ਖੋਲ੍ਹ ਕੇ ਕਾਰੋਬਾਰ ਕਰਨ ਦੀ ਵੀ ਮਨਾਹੀ ਹੋਵੇਗੀ। ਜ਼ਿਲ੍ਹੇ ਵਿੱਚ ਰੈਲੀਆਂ, ਮੀਟਿੰਗਾਂ ਅਤੇ ਧਰਨਿਆਂ ਦੌਰਾਨ ਭੜਕਾਊ ਬਿਆਨਬਾਜ਼ੀ ’ਤੇ ਵੀ ਪੂਰਨ ਰੋਕ ਲਗਾਈ ਗਈ ਹੈ।
ਦੂਜੇ ਪਾਸੇ, ਨਵਾਂਸ਼ਹਿਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਵੱਲੋਂ ਵੀ ਕਈ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਇਨ੍ਹਾਂ ਤਹਿਤ ਮੈਰਿਜ ਪੈਲੇਸਾਂ, ਰਿਜ਼ੋਰਟਾਂ, ਮੇਲਿਆਂ, ਧਾਰਮਿਕ ਸਥਾਨਾਂ, ਜਲੂਸਾਂ, ਬਰਾਤਾਂ, ਵਿਆਹ ਸਮਾਗਮਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪਾਬੰਦੀ ਹੋਵੇਗੀ। ਸੋਸ਼ਲ ਮੀਡੀਆ ’ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ’ਤੇ ਵੀ ਰੋਕ ਲਗਾਈ ਗਈ ਹੈ।
ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲਿਆਂ ਖ਼ਿਲਾਫ਼ ਐੱਫਆਈਆਰ ਦਰਜ ਕਰਕੇ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਵਾਂ ’ਤੇ ਨਾਅਰੇਬਾਜ਼ੀ ਕਰਨ ਅਤੇ ਬਿਨਾਂ ਮਨਜ਼ੂਰੀ ਜਲੂਸ, ਮੀਟਿੰਗਾਂ ਜਾਂ ਰੈਲੀਆਂ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਵਿਸ਼ੇਸ਼ ਹਾਲਾਤ ਵਿੱਚ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪਹਿਲਾਂ ਮਨਜ਼ੂਰੀ ਲੈਣੀ ਪਵੇਗੀ। ਹੁਕਮਾਂ ਵਿੱਚ ਕੁਝ ਅਧਿਕਾਰਤ ਡਿਊਟੀਆਂ ਅਤੇ ਖ਼ਾਸ ਸਮਾਗਮਾਂ ਲਈ ਛੋਟਾਂ ਵੀ ਦਿੱਤੀਆਂ ਗਈਆਂ ਹਨ।
ਨਵਾਂਸ਼ਹਿਰ ਜ਼ਿਲ੍ਹੇ ਵਿੱਚ ਬੈਂਕਾਂ ਦੇ ਮੈਨੇਜਰਾਂ ਅਤੇ ਪੈਟਰੋਲ ਪੰਪ ਮਾਲਕਾਂ ਨੂੰ ਸੀਸੀਟੀਵੀ ਕੈਮਰੇ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਕੈਮਰਿਆਂ ਵਿੱਚ ਘੱਟੋ-ਘੱਟ ਸੱਤ ਦਿਨਾਂ ਦੀ ਰਿਕਾਰਡਿੰਗ ਸੰਭਾਲਣ ਦੀ ਸਮਰੱਥਾ ਹੋਣੀ ਲਾਜ਼ਮੀ ਹੈ। ਇਹ ਕਦਮ ਬੈਂਕਾਂ ਅਤੇ ਪੈਟਰੋਲ ਪੰਪਾਂ ’ਤੇ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਸੁਰੱਖਿਆ ਵਧਾਉਣ ਲਈ ਚੁੱਕਿਆ ਗਿਆ ਹੈ।
ਨਵਾਂਸ਼ਹਿਰ ਵਿੱਚ ਇਹ ਹੁਕਮ 5 ਦਸੰਬਰ 2026 ਤੱਕ, ਜਦਕਿ ਬਠਿੰਡਾ ਵਿੱਚ ਜਾਰੀ ਹੁਕਮ 9 ਦਸੰਬਰ 2026 ਤੱਕ ਲਾਗੂ ਰਹਿਣਗੇ।
