ਹਾਈ ਕੋਰਟ ਵੱਲੋਂ ‘ਪੰਜਾਬ ਸਰਕਾਰ’ ਨੂੰ ਅਪਰਾਧਿਕ ਮਾਣਹਾਨੀ ਦਾ ਰਸਮੀ ਨੋਟਿਸ ਜਾਰੀ
ਪੰਜਾਬ ਦੇ 7.5 ਲੱਖ ਦੇ ਲਗਭਗ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੇ ਬਕਾਏ ਦੀ ਅਦਾਇਗੀ ਨਾ ਕਰਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ। ਅਦਾਲਤੀ ਹੁਕਮਾਂ ਦੀ ਤਾਮੀਲ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ਾਂ ਦੇ ਦੋ ਮਹੀਨਿਆਂ ਤੋਂ ਵੱਧ ਸਮੇਂ ਬਾਅਦ, ਜਸਟਿਸ ਵਿਨੋਦ ਐੱਸ. ਭਾਰਦਵਾਜ ਅਤੇ ਜਸਟਿਸ ਰਵਿੰਦਰ ਮਲਿਕ ਦੇ ਡਿਵੀਜ਼ਨ ਬੈਂਚ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਨੂੰ ਅਪਰਾਧਿਕ ਮਾਣਹਾਨੀ ਦਾ ਰਸਮੀ ਨੋਟਿਸ ਜਾਰੀ ਕਰ ਦਿੱਤਾ ਹੈ।
ਡਿਵੀਜ਼ਨ ਬੈਂਚ ਨੇ ਸਪੱਸ਼ਟ ਕੀਤਾ ਕਿ ਪਹਿਲਾਂ ਸੁਣਵਾਈ ਕਰ ਰਹੇ ਬੈਂਚ ਵੱਲੋਂ ਇਸ ਮਾਮਲੇ ਨੂੰ ਮਾਣਹਾਨੀ ਬੈਂਚ ਕੋਲ ਭੇਜਣਾ ਹੀ ਇਹ ਦਰਸਾਉਂਦਾ ਹੈ ਕਿ ਸਰਕਾਰ ਵੱਲੋਂ ਦਾਖ਼ਲ ਹਲਫ਼ਨਾਮੇ ਅਤੇ ਦਸਤਾਵੇਜ਼ਾਂ ਦੀ ਪ੍ਰਥਮ ਦ੍ਰਿਸ਼ਟੀ ਜਾਂਚ ਕੀਤੀ ਜਾ ਚੁੱਕੀ ਹੈ। ਅਦਾਲਤ ਨੇ ਇਸ ਮਾਮਲੇ ’ਚ ਸਹਾਇਤਾ ਲਈ ਸੀਨੀਅਰ ਐਡਵੋਕੇਟ ਆਰ.ਐੱਸ. ਚੀਮਾ ਨੂੰ ‘ਅਮੀਕਸ ਕਿਊਰੀ’ ਨਿਯੁਕਤ ਕੀਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ 27 ਅਕਤੂਬਰ ਤੱਕ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ, ਜਦੋਂ ਕਿ ਮਾਮਲੇ ਦੀ ਅਗਲੀ ਸੁਣਵਾਈ 30 ਅਕਤੂਬਰ ਨੂੰ ਹੋਵੇਗੀ।
ਸੁਣਵਾਈ ਦੀ ਸ਼ੁਰੂਆਤ ’ਚ ਮੁਲਾਜ਼ਮਾਂ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਸੰਜੇ ਕੌਸ਼ਲ ਅਤੇ ਚੇਤਨ ਮਿੱਤਲ ਨੇ ਦੋਸ਼ ਲਾਇਆ ਕਿ ਸਰਕਾਰ ਸੂਬੇ ’ਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੀ ਚੋਣ ਜ਼ਾਬਤਾ ਲੱਗਣ ਤੱਕ ਮਾਮਲੇ ਨੂੰ ਲਮਕਾਉਣਾ ਚਾਹੁੰਦੀ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਡੀ.ਏ. ਅਦਾਇਗੀ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਬਜਾਏ, ਸਰਕਾਰ ਨੇ 28 ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਅਤੇ ਵਿੱਤ ਵਿਭਾਗ ਨੇ ਇੱਕ ਪੱਤਰ ਜਾਰੀ ਕਰਕੇ ਕਿਹਾ ਕਿ ਹਾਈ ਕੋਰਟ ਦਾ ਕੋਈ ਵੀ ਹੁਕਮ ਉਸ ਦੀ ਪ੍ਰਵਾਨਗੀ ਤੋਂ ਬਿਨਾਂ ਲਾਗੂ ਨਾ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਇਹ ਵਿਵਾਦ 8 ਅਪਰੈਲ ਦੇ ਉਸ ਫ਼ੈਸਲੇ ਤੋਂ ਸ਼ੁਰੂ ਹੋਇਆ ਸੀ, ਜਿਸ ਵਿੱਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਦੀ ਤਰਜ਼ ’ਤੇ ਆਲ ਇੰਡੀਆ ਸਰਵਿਸਿਜ਼ ਦੇ ਅਧਿਕਾਰੀਆਂ ਵਾਂਗ ਹੀ ਆਪਣੇ ਮੁਲਾਜ਼ਮਾਂ ਨੂੰ ਵੀ ਡੀ.ਏ./ਡੀ.ਆਰ. ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ 3 ਅਗਸਤ ਨੂੰ ਤਤਕਾਲੀ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਸਰਕਾਰ ਦੀਆਂ ਅਪੀਲਾਂ ਖ਼ਾਰਜ ਕਰਦਿਆਂ 15 ਦਿਨਾਂ ਦੇ ਅੰਦਰ ਬਕਾਇਆ ਅਦਾ ਕਰਨ ਦੇ ਹੁਕਮ ਦਿੱਤੇ ਸਨ।
ਇਸ ਮਾਮਲੇ ਵਿੱਚ ਪੰਜਾਬ ਦੇ ਚੀਫ਼ ਸੈਕਟਰੀ ਵੱਲੋਂ ਸੁਪਰੀਮ ਕੋਰਟ ਵਿੱਚ ਐੱਸ.ਐੱਲ.ਪੀ. ਮੁੜ ਦਾਖ਼ਲ ਕਰਨ ਸਬੰਧੀ ਦਿੱਤੇ ਗਏ ਹਲਫ਼ਨਾਮੇ ਨੂੰ ਹਾਈ ਕੋਰਟ ਨੇ ਸੁਪਰੀਮ ਕੋਰਟ ਦੀ ਰਜਿਸਟਰੀ ਰਿਪੋਰਟ ਦੇ ਆਧਾਰ ’ਤੇ ਝੂਠਾ ਪਾਇਆ ਸੀ। ਜਦੋਂ ਸਰਕਾਰ ਵੱਲੋਂ ਪੇਸ਼ ਸੀਨੀਅਰ ਐਡਵੋਕੇਟ ਵਿਕਾਸ ਸਿੰਘ ਨੇ ਚੀਫ਼ ਸੈਕਟਰੀ ਵੱਲੋਂ ਬਿਨਾਂ ਸ਼ਰਤ ਮਾਫ਼ੀ ਮੰਗਣ ਦੀ ਪੇਸ਼ਕਸ਼ ਕੀਤੀ, ਤਾਂ ਅਦਾਲਤ ਅਤੇ ਮੁਲਾਜ਼ਮਾਂ ਦੇ ਵਕੀਲਾਂ ਨੇ ਇਸ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਅਦਾਲਤੀ ਕਾਰਵਾਈ ਨੂੰ ਗੁੰਮਰਾਹ ਕਰਨ ਵਾਲੇ ਅਜਿਹੇ ਗੰਭੀਰ ਮਾਮਲੇ ’ਚ ਮੁਆਫ਼ੀ ਕਬੂਲ ਨਹੀਂ ਕੀਤੀ ਜਾ ਸਕਦੀ।
