ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੇ 15 ਨਵੰਬਰ ਤੱਕ ਸਖ਼ਤ ਆਦੇਸ਼ ਕੀਤੇ ਜਾਰੀ

ਨਵਾਂਸ਼ਹਿਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ‘ਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ‘ਚ ਕਿਸੇ ਕਿਸਮ ਦੀ ਦਿੱਕਤ ਜਾਂ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬਾਰਸ਼ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਫ਼ਸਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਸਬੰਧਤ ਅਧਿਕਾਰੀਆਂ ਨੂੰ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖੁੱਲ੍ਹੇ ਵਿੱਚ ਪਏ ਝੋਨੇ ਦੇ ਢੇਰ ਅਤੇ ਬੋਰੀਆਂ ਵਿੱਚ ਪੈਕ ਕੀਤੇ ਝੋਨੇ ਨੂੰ ਤਰਪਾਲਾਂ ਨਾਲ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ, ਤਾਂ ਜੋ ਬਰਸਾਤ ਕਾਰਨ ਫ਼ਸਲ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜਿਣਸ ਨੂੰ ਸੁਰੱਖਿਅਤ ਰੱਖਣਾ ਅਤੇ ਮੰਡੀਆਂ ਵਿੱਚ ਖਰੀਦ ਪ੍ਰਕਿਿਰਆ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਹੈ।
ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਨਮੀ ਕਾਰਨ ਖਰੀਦ ਵਿੱਚ ਦੇਰੀ ਜਾਂ ਹੋਰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਹਦੂਦ ਅੰਦਰ 15 ਨਵੰਬਰ ਤੱਕ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ‘ਤੇ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਰਾਤ ਨੂੰ ਕਟਾਈ ਕਰਨ ਅਤੇ ਘੱਟ ਪੱਕੇ ਜਾਂ ਜ਼ਿਆਦਾ ਨਮੀ ਵਾਲੇ ਝੋਨੇ ਦੀ ਕਟਾਈ ਕਰਨ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਮੁਸ਼ਕਲਾਂ ਆ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਨਿਰਧਾਰਿਤ ਸਮੇਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ਸੁਰੱਖਿਆ ਅਤੇ ਕੰਬਾਈਨ ਮਸ਼ੀਨਾਂ ਚਲਾਉਣ ਸਬੰਧੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਰੱਖਣ ਲਈ ਕਿਹਾ।
