📰 10/13/2026
ਪੰਜਾਬ📍 ਪੰਜਾਬ

ਪਰਵਿੰਦਰ ਕਤਲ ਕੇਸ ਵਿੱਚ ਪਹਿਲੀ ਗ੍ਰਿਫ਼ਤਾਰੀ, ਪ੍ਰਦਰਸ਼ਨਕਾਰੀਆਂ ਵੱਲੋਂ ਮੈਡੀਕਲ ਦੀ ਦੁਕਾਨ ਦੀ ਭੰਨਤੋੜ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੇ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਨੇ ਦੱਸਿਆ ਕਿ ਇਹ ਕਤਲ ਪੁਰਾਣੀ ਨਿੱਜੀ ਦੁਸ਼ਮਣੀ ਦਾ ਨਤੀਜਾ ਸੀ।
ਪਰਵਿੰਦਰ ਕਤਲ ਕੇਸ ਵਿੱਚ ਪਹਿਲੀ ਗ੍ਰਿਫ਼ਤਾਰੀ, ਪ੍ਰਦਰਸ਼ਨਕਾਰੀਆਂ ਵੱਲੋਂ ਮੈਡੀਕਲ ਦੀ ਦੁਕਾਨ ਦੀ ਭੰਨਤੋੜ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੇ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਨੇ ਦੱਸਿਆ ਕਿ ਇਹ ਕਤਲ ਪੁਰਾਣੀ ਨਿੱਜੀ ਦੁਸ਼ਮਣੀ ਦਾ ਨਤੀਜਾ ਸੀ।

ਡੀ.ਆਈ.ਜੀ. ਨੇ ਦੱਸਿਆ, "ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਕਤਲ ਤੋਂ ਬਾਅਦ ਮੁੱਖ ਮੁਲਜ਼ਮ ਅਸ਼ਵਨੀ ਨੂੰ ਫਰਾਰ ਹੋਣ ਵਿੱਚ ਮਦਦ ਕੀਤੀ ਸੀ।" ਡੀ.ਆਈ.ਜੀ. ਨੇ ਦੱਸਿਆ ਕਿ ਪੁਲੀਸ ਨੂੰ ਮੰਗਲਵਾਰ ਸਵੇਰੇ 10.30 ਵਜੇ ਦੇ ਕਰੀਬ ਘਟਨਾ ਦੀ ਸੂਚਨਾ ਮਿਲੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਇਮਰੀ ਤੌਰ 'ਤੇ ਅਜਿਹਾ ਲੱਗਦਾ ਹੈ ਕਿ ਕਤਲ ਵਿੱਚ ਲਾਇਸੰਸੀ ਹਥਿਆਰ ਦੀ ਵਰਤੋਂ ਕੀਤੀ ਗਈ ਸੀ।

ਡੀ.ਆਈ.ਜੀ. ਅਨੁਸਾਰ, ਗੋਲੀਬਾਰੀ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ, ਜਿਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਦੀ ਭਾਲ ਲਈ ਕਈ ਟੀਮਾਂ ਦਾ ਗਠਨ ਕੀਤਾ। ਤਫਤੀਸ਼ ਦੇ ਹਿੱਸੇ ਵਜੋਂ ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕ ਅਤੇ ਮੁਲਜ਼ਮਾਂ ਵਿਚਕਾਰ ਪੁਰਾਣੀ ਰੰਜਿਸ਼ ਸੀ। ਉਨ੍ਹਾਂ ਦੱਸਿਆ ਕਿ 2023 ਦੀ ਇੱਕ ਘਟਨਾ ਦੌਰਾਨ ਵੀ ਉਨ੍ਹਾਂ ਵਿਚਕਾਰ ਨਿੱਜੀ ਦੁਸ਼ਮਣੀ ਸਾਹਮਣੇ ਆਈ ਸੀ। ਹਾਲਾਂਕਿ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੇ ਨਾਮ ਦਾ ਖੁਲਾਸਾ ਨਹੀਂ ਕੀਤਾ ਹੈ।

ਦੁਪਹਿਰ ਕਰੀਬ 3.30 ਵਜੇ ਮਾਨਸਾ ਵਿੱਚ ਕੁਝ ਨਿਹੰਗ ਸਿੰਘਾਂ ਸਮੇਤ ਪ੍ਰਦਰਸ਼ਨਕਾਰੀਆਂ ਨੇ ਹੰਗਾਮੇ ਦੌਰਾਨ ਅਤੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨਾਲ ਕਥਿਤ ਤੌਰ 'ਤੇ ਜੁੜੀ ਮੈਡੀਕਲ ਦੀ ਦੁਕਾਨ (ਕੈਮਿਸਟ ਸ਼ੌਪ) ਦੀ ਭੰਨਤੋੜ ਕੀਤੀ।

ਇਹ ਘਟਨਾ ਵੱਡੀ ਗਿਣਤੀ ਵਿੱਚ ਪੁਲੀਸ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਵਾਪਰੀ। ਪ੍ਰਦਰਸ਼ਨਕਾਰੀਆਂ ਨੇ ਮੌਕੇ 'ਤੇ ਤਾਇਨਾਤ ਇੱਕ ਫਾਇਰ ਟੈਂਡਰ ਨੂੰ ਵੀ ਨੁਕਸਾਨ ਪਹੁੰਚਾਇਆ। ਬਾਅਦ ਵਿੱਚ ਪੁਲੀਸ ਨੇ ਸਥਿਤੀ ਨੂੰ ਕਾਬੂ ਹੇਠ ਲਿਆਂਦਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮਾਨਸਾ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਅੱਜ ਸਵੇਰ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਇਹ ਖ਼ੌਫ਼ਨਾਕ ਕਾਂਡ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਅੰਜਾਮ ਦਿੱਤਾ ਗਿਆ ਹੈ। ਮੈਡੀਕਲ ਸਟੋਰ ਮਾਲਕ ਨੇ ਮੰਗਲਵਾਰ ਸਵੇਰੇ ਤਾਬੜਤੋੜ ਗੋਲੀਆਂ ਮਾਰੀਆ ਅਤੇ ਇਹ ਗੋਲੀਆਂ ਇੰਨੇ ਕਰੀਬੋਂ ਮਾਰੀਆਂ ਗਈਆਂ ਕਿ ਉਹ ਝੋਟਾ ਦੇ ਸਰੀਰ ਦੇ ਆਰ-ਪਾਰ ਹੋ ਗਈਆਂ।

ਜਾਣਕਾਰੀ ਅਨੁਸਾਰ, ਘਟਨਾ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਫੇਸਬੁੱਕ ਪੇਜ ’ਤੇ 5 ਮਿੰਟ 48 ਸਕਿੰਟ ਦੀ ਲਾਈਵ ਵੀਡੀਓ ਬਣਾਈ ਗਈ ਸੀ, ਜਿਸ ਵਿੱਚ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੰਦੀ ਹੈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਵਿੱਚ ਝੋਟਾ ਅਤੇ ਉਨ੍ਹਾਂ ਦੇ ਸਾਥੀ ਨਸ਼ਿਆਂ ਨਾਲ ਜੁੜੇ ਮੁੱਦੇ ’ਤੇ ਦਵਾਈਆਂ ਦੀ ਦੁਕਾਨ ਦੇ ਮਾਲਕ ਨਾਲ ਬਹਿਸ ਕਰਦੇ ਨਜ਼ਰ ਆ ਰਹੇ ਹਨ। ਇਸੇ ਦੌਰਾਨ ਗੋਲੀਬਾਰੀ ਹੋ ਗਈ।

ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਵਿਰੋਧ ਕਰ ਰਹੇ ਸਨ। ਉਹ ਨਾ ਕੇਵਲ ਨਸ਼ਾ ਵੇਚਣ ਤੋਂ ਰੋਕਦੇ ਸਨ ਬਲਕਿ ਨਸ਼ਾ ਵੇਚਣ ਵਾਲਿਆਂ ਨੂੰ ਵੀ ਫੜਦੇ ਸਨ। ਇਸ ਨੂੰ ਲੈ ਕੇ ਕਈ ਵਾਰ ਉਨ੍ਹਾਂ ਦਾ ਝਗੜਾ ਵੀ ਹੋ ਚੁੱਕਾ ਸੀ ਅਤੇ ਉਨ੍ਹਾਂ ਦੇ ਕਹਿਣ ’ਤੇ ਕਈ ਪੰਚਾਇਤਾਂ ਨੇ ਨਸ਼ੇ ਦੇ ਖ਼ਿਲਾਫ਼ ਮਤੇ ਤੱਕ ਪਾਸ ਕੀਤੇ ਸਨ।

ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗਲਵਾਰ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ (ਸਿਵਲ ਹਸਪਤਾਲ) ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਉਹ ਹਸਪਤਾਲ ਦੇ ਮੁੱਖ ਗੇਟ ਨੂੰ ਟੱਪ ਕੇ ਅੰਦਰ ਦਾਖ਼ਲ ਹੋਏ। ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਬਣੇ ਤਣਾਅਪੂਰਨ ਮਾਹੌਲ ਦਰਮਿਆਨ ਬਿੱਟੂ ਹਸਪਤਾਲ ਪਹੁੰਚੇ। ਉਨ੍ਹਾਂ ਨੇ ਸੂਬਾ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਨਿੰਦਾ ਕਰਦਿਆਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਦੀ ਕਾਰਜਕੁਸ਼ਲਤਾ 'ਤੇ ਸਵਾਲ ਚੁੱਕੇ। ਬਿੱਟੂ ਨੇ ਕਿਹਾ, "ਪੰਜਾਬ ਡਰ ਅਤੇ ਅਰਾਜਕਤਾ ਦੇ ਸਾਏ ਹੇਠ ਹੈ। ਪੁਲੀਸ ਕਰਮਚਾਰੀਆਂ ਦੇ ਕਤਲ ਕੀਤੇ ਜਾ ਰਹੇ ਹਨ, ਪਰਵਿੰਦਰ ਝੋਟਾ ਵਰਗੇ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਗੈਂਗਸਟਰ ਬੇਖੌਫ਼ ਘੁੰਮ ਰਹੇ ਹਨ। ਜਦੋਂ ਭਗਵੰਤ ਮਾਨ ਕੋਲ ਗ੍ਰਹਿ ਮੰਤਰਾਲਾ ਹੈ, ਤਾਂ ਪੰਜਾਬ ਦੀ ਰੱਖਿਆ ਕੌਣ ਕਰੇਗਾ ਜਦੋਂ ਸਰਕਾਰ ਆਪਣੇ ਲੋਕਾਂ ਦੀ ਰੱਖਿਆ ਕਰਨ ਵਿੱਚ ਅਸਫਲ ਰਹੀ ਹੈ?" ਬਿੱਟੂ ਨੇ ਪਰਵਿੰਦਰ ਝੋਟਾ ਦੇ ਨਾਲ ਮੌਜੂਦ ਅਤੇ ਜ਼ਖ਼ਮੀ ਹੋਏ ਵਿਅਕਤੀਆਂ ਨਾਲ ਵੀ ਮੁਲਾਕਾਤ ਕੀਤੀ। ਸਿਵਲ ਹਸਪਤਾਲ ਵਿੱਚ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਕੀਤਾ ਗਿਆ ਸੀ।

ਮੰਗਲਵਾਰ ਨੂੰ ਦੁਪਹਿਰ ਕਰੀਬ 3.30 ਵਜੇ ਮਾਨਸਾ ਵਿੱਚ ਕੁਝ ਨਿਹੰਗ ਸਿੰਘਾਂ ਸਮੇਤ ਪ੍ਰਦਰਸ਼ਨਕਾਰੀਆਂ ਨੇ ਹੰਗਾਮੇ ਦੌਰਾਨ ਅਤੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨਾਲ ਕਥਿਤ ਤੌਰ 'ਤੇ ਜੁੜੀ ਮੈਡੀਕਲ ਦੀ ਦੁਕਾਨ (ਕੈਮਿਸਟ ਸ਼ੌਪ) ਦੀ ਭੰਨਤੋੜ ਕੀਤੀ। ਇਹ ਘਟਨਾ ਵੱਡੀ ਗਿਣਤੀ ਵਿੱਚ ਪੁਲੀਸ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਵਾਪਰੀ। ਪ੍ਰਦਰਸ਼ਨਕਾਰੀਆਂ ਨੇ ਮੌਕੇ 'ਤੇ ਤਾਇਨਾਤ ਇੱਕ ਫਾਇਰ ਟੈਂਡਰ ਨੂੰ ਵੀ ਨੁਕਸਾਨ ਪਹੁੰਚਾਇਆ। ਬਾਅਦ ਵਿੱਚ ਪੁਲੀਸ ਨੇ ਸਥਿਤੀ ਨੂੰ ਕਾਬੂ ਹੇਠ ਲਿਆਂਦਾ ਹੈ। ਦਿਨ ਦੀ ਸ਼ੁਰੂਆਤ ਵਿੱਚ ਕੁਝ ਪ੍ਰਦਰਸ਼ਨਕਾਰੀਆਂ ਨੇ ਦੁਕਾਨ ਨੂੰ ਅੱਗ ਲਗਾਉਣ ਦੀ ਧਮਕੀ ਦਿੱਤੀ ਸੀ, ਜਿਸ ਨਾਲ ਝੋਟਾ ਦੇ ਕਤਲ ਤੋਂ ਬਾਅਦ ਸ਼ਹਿਰ ਵਿੱਚ ਤਣਾਅ ਹੋਰ ਵਧ ਗਿਆ। ਇਸ ਦੌਰਾਨ ਤਿੰਨਕੋਣੀ ਚੌਂਕ 'ਤੇ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪੁਲੀਸ ਅਤੇ ਸੂਬਾ ਸਰਕਾਰ ਦਿਨ ਵਿੱਚ ਪਹਿਲਾਂ ਝੋਟਾ ਦੇ ਫੇਸਬੁੱਕ ਪੇਜ 'ਤੇ ਲਾਈਵ ਕੀਤੀ ਗਈ ਵੀਡੀਓ ਨੂੰ ਡਿਲੀਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਝੋਟਾ ਦੇ ਪਿਤਾ ਨੇ ਕਿਹਾ ਕਿ ਉਹ ਆਪਣੇ ਪੁੱਤਰ ਦੀ ਨਸ਼ਿਆਂ ਵਿਰੁੱਧ ਲੜਾਈ ਜਾਰੀ ਰੱਖਣਗੇ। ਉਨ੍ਹਾਂ ਪੁਲੀਸ ਨੂੰ ਪਰਿਵਾਰ ਦੀ ਇਜਾਜ਼ਤ ਤੋਂ ਬਿਨਾਂ ਆਪਣੇ ਪੁੱਤਰ ਦਾ ਸਸਕਾਰ ਕਰਨ ਬਾਰੇ ਵੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਅੰਤਮ ਸਸਕਾਰ ਸਿੱਖ ਰੀਤੀ-ਰਿਵਾਜਾਂ ਅਨੁਸਾਰ ਕੀਤਾ ਜਾਵੇਗਾ, ਕਿਉਂਕਿ ਝੋਟਾ ਸਮੇਤ, ਪੂਰਾ ਪਰਿਵਾਰ ਅੰਮ੍ਰਿਤਧਾਰੀ ਹੈ। ਫੋਟੋ ਕੈਪਸ਼ਨ: ਮੰਗਲਵਾਰ ਨੂੰ ਮਾਨਸਾ ਵਿੱਚ ਇੱਕ ਦੁਕਾਨ ਦੀ ਭੰਨਤੋੜ ਕਰਦੇ ਹੋਏ ਪ੍ਰਦਰਸ਼ਨਕਾਰੀ।

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਦੀ ਮੰਦਭਾਗੀ ਘਟਨਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਨੌਜਵਾਨ ਦਾ ਇਸ ਤਰ੍ਹਾਂ ਕਤਲ ਹੋਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਇਹ ਘਟਨਾ ਸਮਾਜ ਅੰਦਰ ਨਸ਼ਿਆਂ ਦੇ ਵਧ ਰਹੇ ਮਾੜੇ ਪ੍ਰਭਾਵਾਂ ਅਤੇ ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕਰਦੀ ਹੈ। ਐਡਵੋਕੇਟ ਧਾਮੀ ਨੇ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਉਹ ਦਿਨੋਂ ਦਿਨ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਬਾਰੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਵਿਅਕਤੀ ਇਸ ਲਈ ਯਤਨਸ਼ੀਲ ਹੋਵੇ। ਇਸ ਦੌਰਾਨ ਜਥੇਦਾਰ ਗੜਗੱਜ ਨੇ ਆਖਿਆ ਕਿ ਮਾਨਸਾ ਸ਼ਹਿਰ ਵਿੱਚ ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਦੇ ਅੱਜ ਹੋਏ ਬੇਹੱਦ ਮੰਦਭਾਗੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨੂੰ ਜਲਦ ਹੀ ਮਿਲਿਆ ਜਾਵੇਗਾ। ਇਹ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ਦੀ ਪੁਰਜ਼ੋਰ ਨਿਖੇਧੀ ਕੀਤੀ। ਉਨਾ ਆਖਿਆ ਕਿ ਸਾਹਮਣੇ ਆਏ ਤੱਥ ਪੰਜਾਬ ਅੰਦਰ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਬਹੁਤ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਪਰਵਿੰਦਰ ਸਿੰਘ ਲੰਮੇ ਸਮੇਂ ਤੋਂ ਨਸ਼ੇ ਵਿਰੁੱਧ ਸੰਘਰਸ਼ ਕਰ ਰਿਹਾ ਸੀ, ਉਸ ਦਾ ਕਤਲ ਸਮੁੱਚੇ ਪੰਜਾਬ ਲਈ ਵੱਡਾ ਘਾਟਾ ਹੈ। ਦੋਸ਼ੀਆਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।- ਜਗਤਾਰ ਸਿੰਘ ਲਾਂਬਾ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਜ਼ਿਲ੍ਹਾ ਮਾਨਸਾ ਵਿਖੇ ਨਸ਼ਾ ਵਿਰੋਧੀ ਟਾਸਕ ਫੋਰਸ ਦੇ ਆਗੂ ਭਾਈ ਪਰਵਿੰਦਰ ਸਿੰਘ ਝੋਟਾ ਉੱਤੇ ਸ਼ਰੇਆਮ ਗੋਲੀਆਂ ਚਲਾ ਕੇ ਕੀਤੇ ਗਏ ਕਤਲ ਅਤੇ ਉਨ੍ਹਾਂ ਦੇ ਸਾਥੀ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਵਾਪਰੀ ਖ਼ੂਨੀ ਘਟਨਾ 'ਤੇ ਡੂੰਘੇ ਦੁੱਖ ਅਤੇ ਭਾਰੀ ਰੋਸ ਦਾ ਪ੍ਰਗਟਾਵਾ ਕੀਤਾ ਹੈ। ਸਿੰਘ ਸਾਹਿਬ ਨੇ ਇਸ ਵਾਰਦਾਤ ਨੂੰ ਪੰਜਾਬ ਅੰਦਰ ਕਾਨੂੰਨ ਵਿਵਸਥਾ ਦਾ ਮੁਕੰਮਲ ਜਨਾਜ਼ਾ ਨਿਕਲਣ ਦਾ ਸਬੂਤ ਕਰਾਰ ਦਿੰਦਿਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ੳੁਨ੍ਹਾਂ ਬਿਆਨ ਜਾਰੀ ਕਰਦਿਆਂ ਆਖਿਆ ਕਿ ਪੰਜਾਬ ਦੀ ਧਰਤੀ ਗੁਰੂਆਂ-ਪੀਰਾਂ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਹੈ, ਪਰ ਅਫ਼ਸੋਸ ਕਿ ਅੱਜ ਇਹ ਸੂਬਾ ਨਸ਼ਾ ਤਸਕਰਾਂ ਅਤੇ ਗ਼ੈਰ-ਸਮਾਜੀ ਅਨਸਰਾਂ ਦੀ ਖੁੱਲ੍ਹੀ ਖੇਡ ਦਾ ਅੱਡਾ ਬਣ ਚੁੱਕਾ ਹੈ। ਸੂਬੇ ਵਿੱਚ ਮੈਡੀਕਲ ਨਸ਼ਿਆਂ ਸਮੇਤ ਹਰ ਕਿਸਮ ਦਾ ਘਾਤਕ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਸਾਡੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਿਹਾ ਹੈ। ਜਦੋਂ ਆਪਣੀ ਕੌਮ ਅਤੇ ਨੌਜਵਾਨੀ ਨੂੰ ਬਚਾਉਣ ਲਈ ਮੈਦਾਨ ਵਿੱਚ ਨਿੱਤਰਨ ਵਾਲੇ ਨੌਜਵਾਨਾਂ ਨੂੰ ਦਿਨ-ਦਿਹਾੜੇ ਗੋਲੀਆਂ ਦਾ ਨਿਸ਼ਾਨਾ ਬਣਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਾਵੇ, ਤਾਂ ਇਹ ਸਾਫ਼ ਦਰਸਾਉਂਦਾ ਹੈ ਕਿ ਨਸ਼ਾ ਮਾਫ਼ੀਆ ਦੇ ਹੌਸਲੇ ਕਿਸ ਹੱਦ ਤੱਕ ਬੁਲੰਦ ਹੋ ਚੁੱਕੇ ਹਨ। ਸਿੰਘ ਸਾਹਿਬ ਨੇ ਸਖ਼ਤ ਲਹਿਜੇ ਵਿੱਚ ਕਿਹਾ "ਜੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਜਾਗਰੂਕ ਨੌਜਵਾਨ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਕੀ ਗਾਰੰਟੀ ਰਹਿ ਜਾਂਦੀ ਹੈ? ਕੈਮਰਿਆਂ ਸਾਹਮਣੇ ਹੋਈ ਇਸ ਸ਼ਰਮਨਾਕ ਵਾਰਦਾਤ ਨੇ ਪੁਲੀਸ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਨਸ਼ਿਆਂ ਦੇ ਕਾਰੋਬਾਰੀਆਂ ਨੂੰ ਕਾਨੂੰਨ ਦਾ ਕੋਈ ਖ਼ੌਫ਼ ਨਹੀਂ ਰਿਹਾ।" ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਅਤੇ ਇਸ ਘਟਨਾ ਪਿੱਛੇ ਸ਼ਾਮਲ ਨਸ਼ਾ ਸਿੰਡੀਕੇਟ ਨਾਲ ਜੁੜੇ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਉਨ੍ਹਾਂ ਦੇ ਸਾਥੀ ਦਾ ਵਧੀਆ ਤੋਂ ਵਧੀਆ ਇਲਾਜ ਸਰਕਾਰੀ ਖ਼ਰਚੇ 'ਤੇ ਯਕੀਨੀ ਬਣਾਇਆ ਜਾਵੇ। ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ਅਤੇ ਤਸਕਰਾਂ ਵਿਰੁੱਧ ਬਿਨਾਂ ਕਿਸੇ ਪੱਖਪਾਤ ਦੇ ਵੱਡੀ ਪੱਧਰ 'ਤੇ ਕਾਰਵਾਈ ਕੀਤੀ ਜਾਵੇ।

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਮਾਨਸਾ ਸ਼ਹਿਰ ਬੰਦ ਕਰ ਦਿੱਤਾ ਗਿਆ ਹੈ, ਜਿਸ ਵਿੱਚ ਕਾਰਕੁਨ ਲੱਖਾ ਸਿਧਾਨਾ, ਭਾਨਾ ਸਿੱਧੂ ਅਤੇ ਕਈ ਹੋਰ ਪੁਲੀਸ ਵਿਰੁੱਧ ਰੋਸ ਮਾਰਚ ਦੀ ਅਗਵਾਈ ਕਰਨ ਲਈ ਸ਼ਹਿਰ ਪੁੱਜੇ ਹਨ। ਕਿਸਾਨਾਂ ਸਮੇਤ ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਵਿੱਚ ਮਾਰਚ ਕੱਢਿਆ, ਪੁਲੀਸ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਕਤਲ ਦੇ ਵਿਰੋਧ ਵਿੱਚ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ। ਪ੍ਰਦਰਸ਼ਰਨ ਦੌਰਾਨ ਕਈ ਦੁਕਾਨਾਂ ਬੰਦ ਰਹੀਆਂ। ਇਸ ਵਿਰੋਧ ਪ੍ਰਦਰਸ਼ਨ ਨੇ ਵਿਦਿਅਕ ਅਦਾਰਿਆਂ ਨੂੰ ਵੀ ਪ੍ਰਭਾਵਿਤ ਕੀਤਾ, ਜਿਸ ਵਿੱਚ ਕੁਝ ਪ੍ਰਾਈਵੇਟ ਸਕੂਲਾਂ ਨੇ ਵਿਦਿਆਰਥੀਆਂ ਨੂੰ ਘਰ ਵਾਪਸ ਭੇਜ ਦਿੱਤਾ। ਪ੍ਰਦਰਸ਼ਨਾਂ ਦੇ ਵਿਚਕਾਰ ਸਥਿਤੀ ਦਾ ਜਾਇਜ਼ਾ ਲੈਣ ਅਤੇ ਸੁਰੱਖਿਆ ਪ੍ਰਬੰਧਾਂ ਦੀ ਦੇਖਰੇਖ ਕਰਨ ਲਈ ਡੀ.ਆਈ.ਜੀ. ਬਠਿੰਡਾ ਰੇਂਜ, ਹਰਜੀਤ ਸਿੰਘ ਵੀ ਮਾਨਸਾ ਪੁੱਜੇ। ਇਸ ਦੌਰਾਨ 'ਦ ਟ੍ਰਿਬਿਊਨ' ਨਾਲ ਗੱਲ ਕਰਦਿਆਂ ਕੈਦ ਹੇਠ ਚੱਲ ਰਹੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਪਰਵਿੰਦਰ ਝੋਟਾ ਅਕਾਲੀ ਦਲ (ਵਾਰਸ ਪੰਜਾਬ ਦੇ) ਦਾ ਰਸਮੀ ਮੈਂਬਰ ਨਹੀਂ ਸੀ ਪਰ ਉਹ ਪਾਰਟੀ ਦੇ ਸਮਾਗਮਾਂ ਵਿੱਚ ਨਿਯਮਤ ਤੌਰ 'ਤੇ ਸ਼ਾਮਲ ਹੁੰਦਾ ਸੀ ਅਤੇ ਲੋੜ ਪੈਣ 'ਤੇ ਇਸ ਦਾ ਸਮਰਥਨ ਕਰਦਾ ਸੀ। ਤਰਸੇਮ ਸਿੰਘ ਨੇ ਕਿਹਾ ਕਿ ਉਹ ਵੀ ਝੋਟਾ ਦੇ ਕਤਲ ਦੀ ਖ਼ਬਰ ਤੋਂ ਬਾਅਦ ਮਾਨਸਾ ਲਈ ਰਵਾਨਾ ਹੋ ਗਏ ਸਨ। ਇਸ ਕਤਲ ਨੇ ਮਾਨਸਾ ਦੇ ਵਾਸੀਆਂ ਨੂੰ ਮਈ 2022 ਵਿੱਚ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ, ਜਿਸ ਨੂੰ ਸਿੱਧੂ ਮੂਸੇਵਾਲਾ ਵਜੋਂ ਜਾਣਿਆ ਜਾਂਦਾ ਹੈ, ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਮਾਨਸਾ ਸ਼ਹਿਰ ਨੇੜਲੇ ਪਿੰਡ ਮੂਸਾ ਦੇ ਰਹਿਣ ਵਾਲੇ ਮੂਸੇਵਾਲਾ ਦੀ ਇੱਥੇ ਜਵਾਹਰਕੇ ਪਿੰਡ ਵਿਖੇ ਗੋਲੀ ਮਾਰ ਕੇ ਹੱਤਿਆ ਦਿੱਤਾ ਗਈ ਗਈ ਸੀ।

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਇਲਾਕੇ ਵਿੱਚ ਤਣਾਅ ਅਤੇ ਗੁੱਸੇ ਦਾ ਮਾਹੌਲ ਲਗਾਤਾਰ ਵੱਧ ਰਿਹਾ ਹੈ। ਮਾਨਸਾ ਵਿੱਚ ਗੁੱਸੇ ਵਿੱਚ ਆਏ ਨੌਜਵਾਨਾਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੇ ਫਲੈਕਸ ਪਾੜ ਦਿੱਤੇ। ਪ੍ਰਦਰਸ਼ਨਕਾਰੀਆਂ ਵਿੱਚ ਪ੍ਰਸ਼ਾਸਨ ਅਤੇ ਸਰਕਾਰ ਪ੍ਰਤੀ ਭਾਰੀ ਰੋਹ ਦੇਖਣ ਨੂੰ ਮਿਲ ਰਿਹਾ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਪ੍ਰਾਈਵੇਟ ਬੱਸ ਤੇ ਟਰੈਕਟਰ ਵਿਚਾਲੇ ਜ਼ਬਰਦਸਤ ਟੱਕਰਪੜ੍ਹੋ →
ਫਲਾਈਟ ‘ਚ ਐਮਐਸ ਧੋਨੀ ਨੂੰ ਦੇਖ ਕੇ ਖ਼ੁਸ਼ੀ ਨਾਲ ਝੂਮ ਉੱਠੀ ਏਅਰ ਹੋਸਟੈੱਸ ਐਸ਼ਵਰਿਆ ਸਿੰਘ, ਮਾਹੀ ਨੇ ਦਿੱਤੀ ਕੰਮ ਦੀ ਸਲਾਹਪੜ੍ਹੋ →
ਦਾ 14ਵਾਂ ਕਨਵੋਕੇਸ਼ਨ ਸਮਾਗਮ, ਸੀਐਮ ਮਾਨ ਬੋਲੇ – ਡਿਗਰੀ ਸਿਰਫ਼ ਸਰਟੀਫਿਕੇਟ ਨਹੀਂ, ਸੁਪਨਿਆਂ ਨੂੰ ਸਾਕਾਰ ਕਰਨ ਦਾ ਜ਼ਰੀਆਪੜ੍ਹੋ →
ਈ ਡੀ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜਪੜ੍ਹੋ →
ਸਟਾਰਲਿੰਕ ਦਾ ਇੰਟਰਨੈੱਟ ਕਿਵੇਂ ਕੰਮ ਕਰਦਾ ਹੈ? ਕੀ ਹੈ ਇਸ ਦੀ ਸਭ ਤੋਂ ਵੱਡੀ ਸਮੱਸਿਆ?ਪੜ੍ਹੋ →
ਜਮਹੂਰੀਅਤ ਨੂੰ ਬਚਾਉਣ ਦਾ ਮੌਕਾਪੜ੍ਹੋ →