ਦਾ 14ਵਾਂ ਕਨਵੋਕੇਸ਼ਨ ਸਮਾਗਮ, ਸੀਐਮ ਮਾਨ ਬੋਲੇ – ਡਿਗਰੀ ਸਿਰਫ਼ ਸਰਟੀਫਿਕੇਟ ਨਹੀਂ, ਸੁਪਨਿਆਂ ਨੂੰ ਸਾਕਾਰ ਕਰਨ ਦਾ ਜ਼ਰੀਆ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਡਿਗਰੀ ਵਿਦਿਆਰਥੀਆਂ ਲਈ ਸਿਰਫ਼ ਇੱਕ ਸਰਟੀਫਿਕੇਟ ਨਹੀਂ ਹੁੰਦੀ, ਸਗੋਂ ਇਹ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਪ੍ਰਮਾਣ ਹੁੰਦੀ ਹੈ। ਵਿਦਿਆਰਥੀਆਂ ਨੇ ਆਪਣੀ ਪੜ੍ਹਾਈ ਦੌਰਾਨ ਜੋ ਸੁਪਨੇ ਦੇਖੇ ਹਨ, ਇਹ ਡਿਗਰੀ ਉਨ੍ਹਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਅੱਗੇ ਵੱਲ ਵਧਣ ਦਾ ਰਾਹ ਖੋਲ੍ਹਦੀ ਹੈ।
ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਅੱਜ 14ਵਾਂ ਕਨਵੋਕੇਸ਼ਨ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਹੋਰ ਆਗੂ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਮਿਹਨਤ ਕਰਨ ਦਾ ਸੁਨੇਹਾ ਦਿੱਤਾ।
ਮੁੱਖ ਮੰਤਰੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਤੇ ਉੱਘੇ ਵਿਗਿਆਨੀ ਡਾ. ਏ.ਪੀ.ਜੇ. ਅਬਦੁਲ ਕਲਾਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਕਹਿੰਦੇ ਸਨ ਕਿ ਸੁਪਨੇ ਉਹ ਨਹੀਂ ਹੁੰਦੇ ਜੋ ਨੀਂਦ ‘ਚ ਆਉਂਦੇ ਹਨ, ਸਗੋਂ ਸੁਪਨੇ ਉਹ ਹੁੰਦੇ ਹਨ ਜੋ ਇਨਸਾਨ ਨੂੰ ਸੌਣ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਨੂੰ ਕਦੇ ਮਰਨ ਨਹੀਂ ਦੇਣਾ ਚਾਹੀਦਾ। ਜੇਕਰ ਉਹ ਮਿਹਨਤ, ਲਗਨ ਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣਗੇ ਤਾਂ ਆਪਣੇ ਟੀਚਿਆਂ ਨੂੰ ਹਾਸਲ ਕਰ ਸਕਦੇ ਹਨ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਪੜ੍ਹਾਈ ਪੂਰੀ ਹੋ ਚੁੱਕੀ ਹੈ ਤੇ ਜ਼ਿੰਦਗੀ ਦੀ ਅਸਲ ਚੁਣੌਤੀ ਸ਼ੁਰੂ ਹੋਣ ਜਾ ਰਹੀ ਹੈ। ਹੁਣ ਉਨ੍ਹਾਂ ਸਾਹਮਣੇ ਇਹ ਸਵਾਲ ਹੋਵੇਗਾ ਕਿ ਉਨ੍ਹਾਂ ਨੇ ਆਪਣੀ ਸਿੱਖਿਆ ਤੇ ਗਿਆਨ ਦੀ ਵਰਤੋਂ ਕਰਕੇ ਜ਼ਿੰਦਗੀ ‘ਚ ਕੀ ਕਰਨਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਸੱਤਾ ‘ਚ ਆਈ ਸੀ, ਉਸ ਸਮੇਂ ਵਿਦਿਆਰਥੀਆਂ ‘ਚ ਵਿਦੇਸ਼ ਜਾਣ ਦਾ ਰੁਝਾਨ ਕਾਫ਼ੀ ਜ਼ਿਆਦਾ ਸੀ। ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜੀਹ ਰਹੀ ਹੈ ਕਿ ਪੰਜਾਬ ਦੇ ਸਕੂਲਾਂ ਤੇ ਸਿੱਖਿਆ ਸੰਸਥਾਵਾਂ ਦਾ ਕਾਇਆਕਲਪ ਕੀਤਾ ਜਾਵੇ, ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਸੂਬੇ ‘ਚ ਹੀ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਕੰਮ ਕਰ ਰਹੀ ਹੈ, ਤਾਂ ਜੋ ਬੱਚਿਆਂ ਨੂੰ ਪੜ੍ਹਾਈ ਲਈ ਵਿਦੇਸ਼ ਜਾਣ ਦੀ ਮਜ਼ਬੂਰੀ ਮਹਿਸੂਸ ਨਾ ਹੋਵੇ ਤੇ ਉਹ ਪੰਜਾਬ ‘ਚ ਰਹਿ ਕੇ ਵੀ ਆਪਣੇ ਭਵਿੱਖ ਨੂੰ ਬਿਹਤਰ ਬਣਾ ਸਕਣ।
ਮੁੱਖ ਮੰਤਰੀ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪ੍ਰਾਇਮਰੀ ਸਿੱਖਿਆ ਤੋਂ ਲੈ ਕੇ ਉੱਚ ਸਿੱਖਿਆ ਤੇ ਤਕਨੀਕੀ ਸਿੱਖਿਆ ਤੱਕ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਇਸ ਦਾ ਉਦੇਸ਼ ਸਿੱਖਿਆ ਨਾਲ ਜੁੜੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ‘ਚ ਬਿਹਤਰ ਤਾਲਮੇਲ ਸਥਾਪਤ ਕਰਨਾ ਹੈ। ਪਹਿਲਾਂ ਇਹ ਵਿਭਾਗ ਵੱਖ-ਵੱਖ ਮੰਤਰੀਆਂ ਕੋਲ ਹੁੰਦੇ ਸਨ, ਪਰ ਹੁਣ ਸਿੱਖਿਆ ਨਾਲ ਸਬੰਧਤ ਕੰਮਾਂ ਨੂੰ ਇੱਕ ਛੱਤ ਹੇਠ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਪੰਜਾਬ ‘ਚ ਸਿੱਖਿਆ ਦੇ ਖੇਤਰ ‘ਚ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ‘ਚ ਸਾਇੰਸ ਲੈਬਾਂ, ਕੰਪਿਊਟਰ ਲੈਬਾਂ ਤੇ ਆਧੁਨਿਕ ਤਕਨੀਕਾਂ ਦੀ ਸਹੂਲਤ ਮੁਹੱਈਆ ਕਰਵਾਉਣ ‘ਤੇ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਸਿਖਲਾਈ ਲਈ ਸਿੰਗਾਪੁਰ ਤੇ ਫਿਨਲੈਂਡ ਵਰਗੇ ਦੇਸ਼ਾਂ ‘ਚ ਭੇਜਿਆ ਜਾਂਦਾ ਹੈ, ਤਾਂ ਜੋ ਉਹ ਪੜ੍ਹਾਉਣ ਦੇ ਆਧੁਨਿਕ ਤਰੀਕੇ ਸਿੱਖ ਕੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇ ਸਕਣ।
